Punjab News: ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਐਸਐਸਪੀ ਨੂੰ ਹਟਾਉਣ ਨੂੰ ਲੈ ਕੇ ਪੈਦਾ ਕੀਤੇ ਬੇਲੋੜੇ ਵਿਵਾਦ ਦੀ ਨਿਖੇਧੀ ਕੀਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਜਿਸ ਤਰ੍ਹਾਂ ਨਾਲ ਹਾਲਾਤ ਸਾਹਮਣੇ ਆ ਰਹੇ ਹਨ, ਉਸ ਤੋਂ ਇੰਝ ਜਾਪਦਾ ਹੈ ਜਿਵੇਂ ਖੱਬੇ ਹੱਥ ਨੂੰ ਵੀ ਪਤਾ ਨਹੀਂ ਕਿ ਸੱਜਾ ਹੱਥ ਕੀ ਕੰਮ ਕਰ ਰਿਹਾ ਹੈ। ਜੋ ਮਾਮਲਾ ਲੋਕਾਂ ਦੇ ਸਾਹਮਣੇ ਸਰਕਾਰ ਅੰਦਰ ਸੰਚਾਰ ਦੀ ਘਾਟ ਅਤੇ ਲਾਪਰਵਾਹੀ ਨੂੰ ਦਰਸਾਉਂਦਾ ਹੈ।
ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਯੂਟੀ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਦੇ ਐਸਐਸਪੀ ਨੂੰ ਹਟਾਉਣ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਤੋਂ ਮੁੱਖ ਮੰਤਰੀ ਨੂੰ ਅਣਜਾਣ ਰੱਖਿਆ ਗਿਆ ਸੀ, ਜੋ ਕਿ ਪੰਜਾਬ ਕੇਡਰ ਦਾ ਆਈਪੀਐਸ ਅਧਿਕਾਰੀ ਹੁੰਦੇ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਪੱਤਰ ਵਿੱਚ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਨੂੰ ਇਸ ਕਦਮ ਬਾਰੇ ਉੱਚ ਪੱਧਰ 'ਤੇ ਜਾਣੂ ਕਰਵਾਇਆ ਗਿਆ ਸੀ, ਪਰ ਫਿਰ ਵੀ ਮੁੱਖ ਮੰਤਰੀ ਦੇ ਦਫ਼ਤਰ ਦੀ ਵਰਤੋਂ ਕਰਨ ਤੇ ਰਾਜਪਾਲ ਨੂੰ ਪੱਤਰ ਲਿਖਣ ਦੀ ਅਣਜਾਣਤਾ ਦਿਖਾਈ ਗਈ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਕਿ ਕਿਸ ਅਧਿਕਾਰੀ ਨੇ ਇਸ ਗੰਭੀਰ ਮੁੱਦੇ 'ਤੇ ਲਾਪਰਵਾਹੀ ਵਰਤੀ ਅਤੇ ਨਤੀਜੇ ਵਜੋਂ ਸਰਕਾਰ ਨੂੰ ਨਮੋਸ਼ੀ ਵਾਲੀ ਸਥਿਤੀ ਵਿਚ ਪਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਿਰਫ ਇੰਨਾ ਹੀ ਕਹਿ ਰਹੇ ਹਨ ਕਿ ਇਸ ਸਰਕਾਰ ਵਿੱਚ ਕੀ ਹੋ ਰਿਹਾ ਹੈ, ਇਸ ਬਾਰੇ ਕੋਈ ਨਹੀਂ ਜਾਣਦਾ, ਇੱਥੋਂ ਤੱਕ ਕਿ ਮੁੱਖ ਮੰਤਰੀ ਤੋਂ ਰਾਜਪਾਲ ਨੂੰ ਪੱਤਰ ਵੀ ਲਿਖਵ ਦਿਤਾ ਗਿਆ ਸੀ, ਜਿਨ੍ਹਾਂ ਨੇ ਸਿੱਧੇ ਤੌਰ 'ਤੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੁੱਪੀ ਧਾਰਨ ਕੀਤੀ ਹੋਈ ਸੀ ਅਤੇ ਰਾਜਪਾਲ ਦੇ ਪੱਤਰ ’ਤੇ ਵੀ ਕੋਈ ਪ੍ਰਤੀਕਿਰਿਆ ਤੱਕ ਨਹੀਂ ਦਿੱਤੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰਾਜਪਾਲ ਅਤੇ ਮੁੱਖ ਮੰਤਰੀ ਇਕ ਦੂਜੇ ਨਾਲ ਕਿਵੇਂ ਡੀਲ ਕਰਦੇ ਹਨ, ਇਸ ਨਾਲ ਕਾਂਗਰਸ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਇਹ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਸਥਿਤੀ ਉਸਦੀ (ਸਰਕਾਰ ਦੀ) ਬਹੁਤ ਮਾੜੀ ਸਥਿਤੀ ਨੂੰ ਦਰਸਾਉਂਦੀ ਹੈ।