Farmers Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਹਨ। ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵੱਲ ਵਧ ਰਹੇ ਹਨ। ਕਿਸਾਨ ਅੱਜ ਤੋਂ ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਧਰਨਾ ਲਾਉਣਗੇ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ।



ਦੱਸ ਦਈਏ ਕਿ ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਂਝ ਕਿਸਾਨਾਂ ਨੇ ਵੀ ਚੰਡੀਗੜ੍ਹ ਨੂੰ ਘੇਰਨ ਦਾ ਹੀ ਐਲਾਨ ਕੀਤਾ ਹੈ।



ਉਧਰ, ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜ਼ਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਨਹੀਂ ਪਾ ਸਕਦੇ ਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।



ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਤੋਂ ਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਸਰਹੱਦੀ ਪਿੰਡ ਫੈਦਾ ਵਿਖੇ ਰੋਕਿਆ ਜਾਵੇਗਾ। ਪੁਲਿਸ ਵੱਲੋਂ ਇੱਥੇ ਬੈਰੀਕੇਡਿੰਗ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਲਈ ਮੁਹਾਲੀ ਪੁਲਿਸ ਨਾਲ ਵੀ ਕਈ ਦੌਰ ਦੀ ਗੱਲਬਾਤ ਕੀਤੀ ਹੈ। ਇਸ ਸਰਹੱਦ ਤੋਂ ਆਮ ਲੋਕਾਂ ਲਈ ਰਸਤਾ ਵੀ ਮੋੜ ਦਿੱਤਾ ਗਿਆ ਹੈ।



ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲਿਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹਨ। ਚੰਡੀਗੜ੍ਹ ਪੁਲਿਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਹਨ। ਉਨ੍ਹਾਂ ਦੇ ਨਾਲ ਵਜਰਾ ਵਾਹਨ ਤੇ ਜਲ ਤੋਪਾਂ ਵੀ ਤਾਇਨਾਤ ਹਨ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਗਿਆ ਹੈ।