Punjab News: ਚੰਡੀਗੜ੍ਹ ਨਗਰ ਨਿਗਮ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ਕਾਂਗਰਸ ਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ। ਇਹ ਹੰਗਾਮਾ ਇੰਨਾ ਵਧ ਗਿਆ ਕਿ ਦੋਵਾਂ ਪਾਸਿਆਂ ਤੋਂ ਹੱਥੋਪਾਈ ਤੇ ਨਾਅਰੇਬਾਜ਼ੀ ਵੀ ਹੋਈ। ਕਿਹਾ ਜਾ ਰਿਹਾ ਹੈ ਕਿ ਇਹ ਹੰਗਾਮਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਬੀ.ਆਰ ਅੰਬੇਡਕਰ 'ਤੇ ਦਿੱਤੇ ਬਿਆਨ ਨੂੰ ਲੈ ਕੇ ਹੋਇਆ ਹੈ।
ਕਿਉਂ ਹੋਇਆ ਇਹ ਸਾਰਾ ਵਿਵਾਦ ?
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਅਮਿਤ ਸ਼ਾਹ ਖ਼ਿਲਾਫ਼ ਮਤਾ ਪਾਸ ਕਰਕੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਭਾਜਪਾ ਕੌਂਸਲਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਨਹਿਰੂ ਦੇ ਸਮੇਂ ਅੰਬੇਡਕਰ ਦਾ ਅਪਮਾਨ ਕੀਤਾ ਸੀ। ਇਸ ਦੌਰਾਨ ਕੁਝ ਕੌਂਸਲਰਾਂ ਨੇ ਅਨਿਲ ਮਸੀਹ ਨੂੰ ਵੋਟ ਚੋਰ ਕਿਹਾ।
ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਜਨਵਰੀ ਵਿੱਚ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਭਾਜਪਾ ਦੇ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ ਸਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਅੱਠ ਵੋਟਾਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਗਿਆ ਸੀ।
ਇਸ ਚੋਣ ਤੋਂ ਬਾਅਦ ਕਾਂਗਰਸ ਤੇ ਆਪ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ 5 ਫਰਵਰੀ ਨੂੰ ਸੁਣਵਾਈ ਦੌਰਾਨ ਅਨਿਲ ਮਸੀਹ 'ਤੇ ਤਿੱਖੀ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਲੋਕਤੰਤਰ ਦਾ 'ਕਤਲ' ਅਤੇ 'ਮਜ਼ਾਕ' ਕਰਾਰ ਦਿੱਤਾ ਸੀ। ਅਦਾਲਤ ਨੇ ਅਨਿਲ ਮਸੀਹ ਨੂੰ ਮਾਣਹਾਨੀ ਦਾ ਨੋਟਿਸ ਵੀ ਜਾਰੀ ਕੀਤਾ ਸੀ। ਅਨਿਲ ਮਸੀਹ ਨੇ ਅਦਾਲਤ 'ਚ ਮੰਨਿਆ ਸੀ ਕਿ ਉਸ ਨੇ ਬੈਲਟ ਪੇਪਰ 'ਤੇ ਕਰਾਸ ਦਾ ਨਿਸ਼ਾਨ ਬਣਾਇਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :