Chandigarh News : ਆਈਪੀਐਸ ਕੁਲਦੀਪ ਸਿੰਘ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਦੀ ਚਿੱਠੀ ਦਾ ਜਵਾਬ ਦਿੰਦਿਆਂ ਲਿਖਿਆ ਕਿ ਕੁਲਦੀਪ ਸਿੰਘ ਚਾਹਲ ਨੂੰ ਉਨ੍ਹਾਂ ਦੇ ਮਾੜੇ ਵਤੀਰੇ ਕਾਰਨ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖਿਆ ਸੀ।

ਰਾਜਪਾਲ ਨੇ ਦੱਸਿਆ ਕਿ 28 ਨਵੰਬਰ ਨੂੰ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਕੁਲਦੀਪ ਚਾਹਲ ਬਾਰੇ ਫੋਨ 'ਤੇ ਸੂਚਿਤ ਕੀਤਾ ਸੀ ਅਤੇ ਉਨ੍ਹਾਂ ਨੂੰ ਐਸਐਸਪੀ ਦੇ ਅਹੁਦੇ ਲਈ ਅਧਿਕਾਰੀਆਂ ਦਾ ਪੈਨਲ ਭੇਜਣ ਲਈ ਕਿਹਾ ਸੀ। ਉਨ੍ਹਾਂ ਅੱਗੇ ਲਿਖਿਆ ਕਿ ਮੁੱਖ ਸਕੱਤਰ ਨੇ 30 ਨਵੰਬਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਵਿੱਚ ਚਾਹਲ ਨੂੰ ਵਾਪਸ ਪੰਜਾਬ ਭੇਜਣ ਦੀ ਜਾਣਕਾਰੀ ਦਿੱਤੀ ਗਈ ਸੀ। ਰਾਜਪਾਲ ਨੇ ਲਿਖਿਆ ਕਿ ਤੁਸੀਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਹੋਏ ਸੀ, ਇਸ ਲਈ ਤੁਹਾਡੇ ਨਾਲ ਸੰਪਰਕ ਨਹੀਂ ਹੋ ਸਕਿਆ।


ਦੂਜੇ ਪਾਸੇ ਏਆਈਜੀ ਆਸ਼ੀਸ਼ ਕਪੂਰ ਦਾ ਮਾਮਲਾ ਰਾਜ ਦੇ ਰਾਜਪਾਲ ਕੋਲ ਪਹੁੰਚ ਗਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਮਾਮਲੇ ਨੂੰ ਸੁਲਝਾਉਣ ਲਈ ਦਖਲ ਦੇਣ ਲਈ ਕਿਹਾ ਹੈ। ਆਸ਼ੀਸ਼ ਕਪੂਰ 'ਤੇ ਇਕ ਔਰਤ ਨੇ ਬਦਸਲੂਕੀ ਅਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਸੀ। ਰਾਜਪਾਲ ਨੇ ਮੀਡੀਆ ਵਿੱਚ ਛਪੀਆਂ ਖ਼ਬਰਾਂ ਅਤੇ ਤਤਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਦਾ ਹਵਾਲਾ ਦਿੰਦਿਆਂ ਇਸ ਮਾਮਲੇ ਵਿੱਚ ਮਿਲੀ ਸ਼ਿਕਾਇਤ ਦਾ ਨੋਟਿਸ ਲਿਆ ਹੈ।


 

ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਬਤੌਰ ਐੱਸਐੱਸਪੀ ਤਾਇਨਾਤ ਕੁਲਦੀਪ ਸਿੰਘ ਚਾਹਲ ਨੂੰ ਰਿਲੀਵ ਕਰਕੇ ਪੰਜਾਬ ਵਾਪਸ ਭੇਜ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਜਾਰੀ ਕੀਤੇ ਸਨ ਅਤੇ ਐੱਸਐੱਸਪੀ ਟਰੈਫ਼ਿਕ ਵਜੋਂ ਤਾਇਨਾਤ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।


ਚੰਡੀਗੜ੍ਹ ਵਿੱਚ ਐਸਐਸਪੀ ਦਾ ਅਹੁਦਾ ਪੰਜਾਬ ਕੇਡਰ ਦੇ ਅਧਿਕਾਰੀ ਲਈ ਰਾਖਵਾਂ ਹੈ। ਸਾਲ 2009 ਬੈਚ ਦੇ ਆਈਪੀਐਸ ਕੁਲਦੀਪ ਸਿੰਘ ਚਾਹਲ ਨੂੰ ਸਤੰਬਰ 2021 ਵਿੱਚ ਚੰਡੀਗੜ੍ਹ ਵਿੱਚ ਨਿਯੁਕਤ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਤਿੰਨ ਸਾਲ ਡੈਪੂਟੇਸ਼ਨ ’ਤੇ ਰਹੇ ਚਾਹਲ ਦਾ ਕਾਰਜਕਾਲ ਸਤੰਬਰ 2023 ਵਿੱਚ ਖ਼ਤਮ ਹੋਣਾ ਸੀ।