(Source: ECI/ABP News/ABP Majha)
Punjab News : ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ
Chandigarh News : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ।
ਇਹ ਜਾਣਕਾਰੀ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਯੁਵਕ ਸੇਵਾਵਾਂ ਵਿਭਾਗ ਦੀ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦਾ ਸੁਫਨਾ ਲਿਆ ਗਿਆ ਹੈ ਜਿਸ ਦੀ ਪੂਰਤੀ ਨੌਜਵਾਨ ਸਭ ਤੋਂ ਵੱਡੀ ਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਹਤਰ ਸਮਾਜ ਦੀ ਉਸਾਰੀ ਲਈ ਉਸਾਰੂ ਗਤੀਵਿਧੀਆਂ ਵਿੱਚ ਲਗਾਇਆ ਜਾਵੇਗਾ।
ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤਹਿਤ ਇਸ ਵਾਰ ਲੰਬੇ ਅਰਸੇ ਬਾਅਦ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਅੰਤਿਮ ਰੂਪ ਦਿੱਤਾ ਗਿਆ। ਜਲਦ ਹੀ ਚੁਣੇ ਨੌਜਵਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਨੌਜਵਾਨਾਂ ਨੂੰ ਸੂਬੇ ਦੀਆਂ ਸੈਰ ਸਪਾਟਾ ਵਾਲੀਆਂ ਥਾਂਵਾਂ, ਵਿਰਾਸਤੀ, ਧਾਰਮਿਕ ਤੇ ਇਤਿਹਾਸਕ ਸਥਾਨਾਂ ਉੱਤੇ ਟੂਰ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : LPG Price Hike: ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ, ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ
ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਯੂਥ ਕਲੱਬਾਂ ਦੀ ਗਿਣਤੀ ਬਹੁਤ ਹੈ ਪਰ ਬਹੁਤੇ ਕਲੱਬਾਂ ਦੀਆਂ ਗਤੀਵਿਧੀਆਂ ਬਿਲਕੁਲ ਬੰਦ ਹਨ। ਉਨ੍ਹਾਂ ਅਜਿਹੇ ਕਲੱਬਾਂ ਦੀ ਸ਼ਨਾਖ਼ਤ ਕਰ ਕੇ ਐਕਟਿਵ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਦੀਆਂ ਗਤੀਵਿਧੀਆਂ ਵਿੱਚ ਨਸ਼ਿਆਂ ਦੀ ਰੋਕਥਾਮ, ਖੇਡਾਂ ਵਿੱਚ ਹਿੱਸਾ ਲੈਣਾ, ਪਰਾਲੀ ਸਾੜਨ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰਨਾ, ਸੱਭਿਆਚਾਰਕ ਗਤੀਵਿਧੀਆਂ ਆਦਿ ਨੂੰ ਪ੍ਰਮੁੱਖਤਾ ਦਿੱਤੀ ਜਾਵੇ।
ਮੀਟਿੰਗ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਡਿਪਟੀ ਡਾਇਰੈਕਟਰ ਡਾ ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਰਿੰਦਰ ਸੈਣੀ ਅਤੇ ਸਮੂਹ ਫੀਲਡ ਅਧਿਕਾਰੀ ਹਾਜ਼ਰ ਸਨ।