Punjab News: ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸ਼ਾਲਾਪੁਰ ਬੇਟ ਵਿੱਚ ਇੱਕ ਅਧਿਆਪਕ ਵੱਲੋਂ ਇੱਕ ਵਿਦਿਆਰਥੀ ਨੂੰ ਕਾਰ ਨਾਲ ਟੱਕਰ ਮਾਰ ਕੇ ਬੋਨਟ ਨਾਲ ਲਟਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਹਰਮਨਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਦੀ ਇੱਕ ਪ੍ਰਾਈਵੇਟ ਅਕੈਡਮੀ ਦਾ ਵਿਦਿਆਰਥੀ ਹੈ।


ਦੱਸਿਆ ਜਾ ਰਿਹਾ ਹੈ ਕਿ ਹਰਮਨਪ੍ਰੀਤ ਸਿੰਘ ਪਿੰਡ ਸ਼ਾਲਾਪੁਰ ਬੇਟ ਦੇ ਮੋੜ 'ਤੇ ਖੜ੍ਹਾ ਸੀ। ਉਦੋਂ ਅਧਿਆਪਕ ਬਲਜਿੰਦਰ ਸਿੰਘ ਤੇਜ਼ ਰਫ਼ਤਾਰ ਕਾਰ ਵਿੱਚ ਲੰਘਣ ਲੱਗਾ ਤਾਂ ਉਸ ਨੇ ਪਹਿਲਾਂ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਫਿਰ ਉਸ ਨੇ ਇਸ ਨੂੰ ਕਾਰ ਦੇ ਬੋਨਟ 'ਤੇ ਟੰਗ ਲਿਆ ਅਤੇ ਇਲਾਕੇ ਦੇ ਆਲੇ-ਦੁਆਲੇ ਲੈ ਗਿਆ। ਪੀੜਤ ਹਰਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਸ ਨੂੰ ਗੱਡੀ ’ਤੇ ਟੰਗ ਕੇ ਕਰੀਬ 10 ਕਿਲੋਮੀਟਰ ਤੱਕ ਲੈ ਗਿਆ।


ਵਿਦਿਆਰਥੀ ਨੇ ਇਹ ਦੋਸ਼ ਲਾਇਆ 


ਵਿਦਿਆਰਥੀ ਦਾ ਦੋਸ਼ ਹੈ ਕਿ ਅਧਿਆਪਕ ਬਲਜਿੰਦਰ ਸਿੰਘ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਰ ਉਸ ਨੇ ਕਿਸੇ ਤਰ੍ਹਾਂ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਗੰਭੀਰ ਜ਼ਖਮੀ ਹਰਮਨਪ੍ਰੀਤ ਸਿੰਘ ਨੂੰ ਸਰਕਾਰੀ ਸਿਹਤ ਕੇਂਦਰ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਰਮਨਪ੍ਰੀਤ ਸਿੰਘ ਦੇ ਚਾਚਾ ਸੁਰਜੀਤ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।


ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ


ਸੁਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕ ਬਲਜਿੰਦਰ ਸਿੰਘ ਨਾਲ ਉਨ੍ਹਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਹੈ ਪਰ ਪੁਲਿਸ ਨੇ ਅਜੇ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ। ਇਸੇ ਲਈ ਉਸ ਨੇ ਹਰਮਨਪ੍ਰੀਤ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਸੁਰਜੀਤ ਸਿੰਘ ਨੇ ਦੋਸ਼ੀ ਅਧਿਆਪਕ ਬਲਜਿੰਦਰ ਸਿੰਘ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਦੂਜੇ ਪਾਸੇ ਅਧਿਆਪਕ ਬਲਜਿੰਦਰ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਹਰਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਵਿਚਕਾਰ ਪੁਰਾਣਾ ਝਗੜਾ ਚੱਲ ਰਿਹਾ ਹੈ।