Chandigarh News: ਸਿੱਖਿਆ ਵਿਭਾਗ ਉਪਰ ਸੀਨੀਆਰਤਾ ਸੂਚੀਆਂ ਗਲਤ ਢੰਗ ਨਾਲ ਬਣਾਉਣ ਦਾ ਦੋਸ਼ ਲੱਗਾ ਹੈ। ਐਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਲਾਣਾ ਨੇ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਪੰਜਾਬ ਨੇ ਕੌਮੀ ਐਸਸੀ ਕਮਿਸ਼ਨ ਦੀਆਂ ਹਦਾਇਤਾਂ ਨੂੰ ਅੱਖੋਂ-ਪਰੋਖੇ ਕਰਕੇ ਤਰੱਕੀਆਂ ਕੀਤੀਆਂ ਤਾਂ ਜਥੇਬੰਦੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਖਿਲਾਫ਼ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰਵਾ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਦੱਸ ਦਈਏ ਕਿ ਇਸ ਸਬੰਧੀ ਲੰਘੇ ਦਿਨ ਐਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਤੋਂ ਪ੍ਰਿੰਸੀਪਲ ਤੇ ਪ੍ਰਿੰਸੀਪਲ ਤੋਂ ਡੀਈਓ/ਡਿਪਟੀ ਡਾਇਰੈਕਟਰ ਦੀਆਂ ਕੀਤੀਆਂ ਜਾ ਰਹੀਆਂ ਤਰੱਕੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ।
ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲੱਛਮਣ ਸਿੰਘ ਨਬੀਪੁਰ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਲਤਾਲ਼ਾ ਤੇ ਹਰਬੰਸ ਲਾਲ ਪਰਜੀਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਧੱਕੇ ਨਾਲ ਕੈਚਅੱਪ ਰੂਲ ਲਾ ਕੇ ਸਾਰੇ ਕੇਡਰਾਂ ਦੀਆਂ ਗ਼ਲਤ ਸੀਨੀਆਰਤਾ ਸੂਚੀਆਂ ਰਾਹੀਂ ਸੀਨੀਅਰ ਐੱਸਸੀ ਲੈਕਚਰਾਰਾਂ ਤੇ ਪ੍ਰਿੰਸੀਪਲਾਂ ਨੂੰ ਜੂਨੀਅਰ ਬਣਾਇਆ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਜਥੇਬੰਦੀ ਵੱਲੋਂ ਗ਼ਲਤ ਸੀਨੀਆਰਤਾ ਸੂਚੀਆਂ ਦਾ ਮਾਮਲਾ ਚੇਅਰਮੈਨ ਕੌਮੀ ਐਸਸੀ ਕਮਿਸ਼ਨ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ, ਜਿਸ ਮਗਰੋਂ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਇਨ੍ਹਾਂ ਸੀਨੀਆਰਤਾ ਸੂਚੀਆਂ ਦੇ ਆਧਾਰ ’ਤੇ ਹੋਣ ਵਾਲੀਆਂ ਤਰੱਕੀਆਂ ’ਤੇ ਰੋਕ ਲਾ ਦਿੱਤੀ ਹੈ, ਪਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਹੁਕਮ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 1993, 1995, 1997 ਦੇ ਲੈਕਚਰਾਰਾਂ ਨੂੰ ਛੱਡ ਕੇ 2000, 2001, 2005 ਵਾਲਿਆਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਤਰੱਕੀਆਂ ਦੇ ਮਾਮਲੇ ਵਿੱਚ ਐਸਸੀ ਲੈਕਚਰਾਰਾਂ ਨਾਲ ਇਨਸਾਫ਼ ਕੀਤਾ ਜਾਵੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।