Chandigarh News: ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। ਚੋਣ ਕਮਿਸ਼ਨ ਹੁਣ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ ਵੰਡ ਜਾਂ ਕਾਲੇ ਧਨ, ਸੋਨੇ-ਚਾਂਦੀ ਦੇ ਬਿਸਕੁਟ ਆਦਿ ਨਾਲ ਸਬੰਧਤ ਸ਼ਿਕਾਇਤਾਂ ਦੀ 24 ਘੰਟੇ ਸੁਣਵਾਈ ਕਰੇਗਾ। ਇਸ ਲਈ ਕਮਿਸ਼ਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿੱਥੇ ਅਜਿਹੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਕੰਟਰੋਲ ਰੂਮ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ।


ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਦੋ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ। ਇਹ ਨੰਬਰ ਟੋਲ ਫਰੀ ਹੈ। ਇਸ ਲਈ ਲੋਕਾਂ ਨੂੰ 1800-180-2141 ਤੇ ਮੋਬਾਈਲ ਨੰਬਰ 7589166713 'ਤੇ ਕਾਲ ਕਰਨੀ ਹੋਵੇਗੀ। ਇਨ੍ਹਾਂ ਰਾਹੀਂ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ ਨਕਦੀ, ਸਰਾਫਾ ਤੇ ਹੋਰ ਕੀਮਤੀ ਸਾਮਾਨ ਦੀ ਵੰਡ ਸਬੰਧੀ ਆਮਦਨ ਕਰ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।


ਚੋਣ ਕਮਿਸ਼ਨ ਮੁਤਾਬਕ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ। ਇਹ ਟੀਮਾਂ ਹਰ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੋ ਵੀ ਇਨਪੁਟ ਆਉਂਦੀ ਹੈ, ਉਸ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਂਦੀ ਹੈ। 


ਇਸ ਤੋਂ ਇਲਾਵਾ ਸੀ ਵਿਜੀਲ ਸਮੇਤ ਹੋਰ ਮੋਬਾਈਲ ਐਪਾਂ 'ਤੇ ਵੀ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ਼ਿਕਾਇਤਾਂ ਦਾ 100 ਮਿੰਟਾਂ ਵਿੱਚ ਨਿਪਟਾਰਾ ਕੀਤੀ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਰਾਬ ਤੇ ਨਸ਼ਾ ਤਸਕਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਂਦੀ ਹੈ।


ਦੱਸ ਦਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ।


ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।