Chandigarh News: ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ:ਡਾ. ਇੰਦਰਬੀਰ ਸਿੰਘ ਨਿੱਜਰ
Chandigarh News: ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।
Chandigarh News: ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।
ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਵਾਲੀਆਂ ਥਾਵਾਂ 'ਤੇ ਵੱਖ-ਵੱਖ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਅਤੇ ਰਾਜ ਦੇ ਲੋਕਾਂ ਨੂੰ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਵੱਛਤਾ ਅਤੇ ਸਿਹਤ ਦੋਵੇਂ ਹੀ ਤੱਤ ਮਹੱਤਵਪੂਰਨ ਹਨ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਨੇ ਸਵੱਛ ਸਰਵੇਖਣ ਅਭਿਆਨ-2022 ਵਿੱਚ ਦੇਸ਼ ਭਰ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਸੀ। ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਰੈਂਕ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਬਿਹਤਰ ਸਫ਼ਾਈ ਕਰਨ ਤਾਂ ਜੋ ਭਵਿੱਖ ਦੇ ਸਰਵੇਖਣ ਵਿੱਚ ਸੂਬਾ ਸਫ਼ਾਈ ਮੁਹਿੰਮ ਵਿੱਚ ਮੋਹਰੀ ਸਥਾਨ ਹਾਸਲ ਕਰ ਸਕੇ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਭਾਗੀਦਾਰਾਂ ਨੂੰ ਕਿਹਾ ਕਿ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਇਸ ਵਿੱਚ ਚੰਗੀ ਤਰੱਕੀ ਕੀਤੀ ਹੈ, ਜਿਸ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਕੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।
ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਈਸ਼ਾ ਕਾਲੀਆ ਨੇ ਸਾਰੇ ਪ੍ਰਤੀਭਾਗੀਆਂ ਦਾ ਸਵਾਗਤ ਕੀਤਾ ਅਤੇ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ ਅਤੇ ਰਾਜ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਕੂੜਾ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਵਧੀਆ ਅਭਿਆਸਾ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਗੈਰ ਰਸਮੀ ਕੂੜਾ ਇਕੱਠਾ ਕਰਨ ਵਾਲੇ, ਗਿੱਲਾ, ਪਲਾਸਟਿਕ ਅਤੇ ਸੁੱਕਾ ਕੂੜਾ, ਉਸਾਰੀ ਅਤੇ ਢਾਹੁਣ ਵਾਲਾ ਕੂੜਾ, ਬਾਗਬਾਨੀ ਰਹਿੰਦ-ਖੂੰਹਦ, ਵਿਰਾਸਤੀ ਰਹਿੰਦ-ਖੂੰਹਦ ਪ੍ਰਬੰਧਨ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮੌਕੇ 'ਤੇ ਵੇਸਟ-ਟੂ-ਸੋਰਸ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਨੇ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਦੇ ਵਿਕਲਪਾਂ ਨੂੰ ਪ੍ਰਦਰਸ਼ਿਤ ਕੀਤਾ।
ਇਹ ਵੀ ਪੜ੍ਹੋ: Elon Musk: ਐਲੋਨ ਮਸਕ ਨੇ ਕੀਤਾ ਇਹ ਵੱਡਾ ਐਲਾਨ, ਟਵਿਟਰ ਯੂਜ਼ਰਸ ਹੁਣ ਘਰ ਬੈਠੇ ਕਮਾ ਸਕਦੇ ਹਨ ਚੰਗੀ ਕਮਾਈ
ਇਸ ਵਰਕਸ਼ਾਪ ਵਿੱਚ ਨਗਰ ਨਿਗਮਾਂ ਦੇ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ਅਤੇ ਜਨਰਲ), ਕਾਰਜਕਾਰੀ ਅਧਿਕਾਰੀ (ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।