ਪ੍ਰਵਾਸੀ ਪੰਜਾਬੀ ਦਫਤਰਾਂ 'ਚ ਖੱਜਲ ਖੁਆਰ ਨਾ ਹੋਣ, ਸਰਕਾਰ ਖੁਦ ਉਨ੍ਹਾਂ ਕੋਲ ਜਾ ਮਸਲੇ ਹੱਲ ਕਰ ਰਹੀ, ਅੱਜ 7 ਜ਼ਿਲ੍ਹਿਆਂ ਦੀ ਵਾਰੀ
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੋਗਾ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ
ਚੰਡੀਗੜ੍ਹ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੋਗਾ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨਆਰਆਈ ਮਿਲਣੀ ਸਮਾਗਮ ਕਰਵਾਏਗੀ। ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸਏਐਸ ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।