Chandigarh - ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀ.ਯੂ.) ਦੀਆਂ ਛੇ ਵੱਡੀਆਂ ਵਿਦਿਆਰਥੀ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਯੂਨੀਵਰਸਿਟੀ ਕੈਂਪਸ ਵਿੱਚ ਆਗੂਆਂ ਤੇ ਮੰਤਰੀਆਂ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਆਗੂ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

  


ਦੱਸ ਦਈਏ ਕਿ ਇਨ੍ਹਾਂ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਪਾਰਟੀ ਦਾ ਆਗੂ ਪੀਯੂ ਕੈਂਪਸ ਵਿੱਚ ਆਉਂਦਾ ਹੈ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਉਸ ਸਥਿਤੀ ਵਿੱਚ ਸਬੰਧਤ ਆਗੂ ਖੁਦ ਇਸ ਲਈ ਜ਼ਿੰਮੇਵਾਰ ਹੋਵੇਗਾ।ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (PUSU), ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (SOI), ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (NSUI), ਇੰਡੀਅਨ ਸਟੂਡੈਂਟਸ ਐਸੋਸੀਏਸ਼ਨ (ISA), The Students for Society (SFS) ਨੇ ਇਹ ਫੈਸਲਾ ਲਿਆ ਹੈ।  ਇਨ੍ਹਾਂ ਜਥੇਬੰਦੀਆਂ ਨੇ ਕਿਹਾ ਕਿ ਪੀਯੂ ਸਟੂਡੈਂਟਸ ਯੂਨੀਅਨ ਅਤੇ ਇਸ ਦੀਆਂ ਚੋਣਾਂ ਵਿਦਿਆਰਥੀਆਂ ਲਈ ਹਨ ਅਤੇ ਇਸ ਵਿੱਚ ਸਿਰਫ਼ ਵਿਦਿਆਰਥੀ ਹੀ ਸ਼ਾਮਲ ਹੋਣਗੇ। ਇਨ੍ਹਾਂ ਜਥੇਬੰਦੀਆਂ ਨੇ ਬੀਤੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਦੇ ਇੰਚਾਰਜ ਅਤੇ ‘ਆਪ’ ਵਿਧਾਇਕ ਦਵਿੰਦਰ ਸਿੰਘ ਲਾਡੀ ਦੀ ਪੀਯੂ ਫੇਰੀ ਦੌਰਾਨ ਹੋਈ ਤਕਰਾਰ ਤੋਂ ਬਾਅਦ ਇਹ ਫੈਸਲਾ ਲਿਆ।


 ਵਿਦਿਆਰਥੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੀ ਪਾਰਟੀ ਆਮ ਆਦਮੀ ਪਾਰਟੀ ’ਤੇ ਸੱਤਾ ਦੀ ਦੁਰਵਰਤੋਂ ਕਰਕੇ ਪੰਜਾਬ ਯੂਨੀਵਰਸਿਟੀ ’ਚ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ ਪਰ ਵਿਦਿਆਰਥੀ ਜਥੇਬੰਦੀਆਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਣਗੀਆਂ। ਯੂਨੀਵਰਸਿਟੀ ਵਿੱਚ ਸੱਤਾਧਾਰੀ ਧਿਰ ਬੰਦੂਕ ਕਲਚਰ ਨੂੰ ਬੜ੍ਹਾਵਾ ਦੇ ਰਹੀ ਹੈ ਜੋ ਯੂਨੀਵਰਸਿਟੀ ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਯੂਨੀਵਰਸਿਟੀ ਵਿੱਚ ਆ ਕੇ ਵਿਦਿਆਰਥੀਆਂ ਨਾਲ ਧੱਕਾ-ਮੁੱਕੀ ਕੀਤੀ ਜਾਂਦੀ ਹੈ ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


 ਵਿਦਿਆਰਥੀ ਜਥੇਬੰਦੀਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਸੈਨੇਟ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਨਹੀਂ ਹੁੰਦੇ। ਉਨ੍ਹਾਂ ਨੂੰ ਇੱਥੇ ਆ ਕੇ ਯੂਨੀਵਰਸਿਟੀ ਦੀ ਬਿਹਤਰੀ ਲਈ ਚਰਚਾ ਕਰਨੀ ਚਾਹੀਦੀ ਹੈ। ਪਰ ਜੇਕਰ ਉਹ ਸੈਨੇਟ ਦੀ ਮੀਟਿੰਗ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਯੂਨੀਵਰਸਿਟੀ ਲਈ ਗਰਾਂਟ ਵੀ ਦੇਣੀ ਪਵੇਗੀ।


 ਇਸ ਲਈ ਉਹ ਸਿਰਫ਼ ਰਾਜਨੀਤੀ ਕਰਨ ਲਈ ਕੈਂਪਸ ਵਿੱਚ ਆਉਂਦੇ ਹਨ। ਸਿੱਖਿਆ ਦਾ ਝੂਠਾ ਵਾਅਦਾ ਕਰਕੇ ਪੰਜਾਬ ਵਿੱਚ ਸਰਕਾਰ ਬਣਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੀਬ ਡੇਢ ਸਾਲ ਬਾਅਦ ਪੰਜਾਬ ਯੂਨੀਵਰਸਿਟੀ ਲਈ ਸੈਨੇਟ ਪੈਨਲ ਬਣਾਉਣ ਦਾ ਐਲਾਨ ਕਰ ਦਿੱਤਾ ਹੈ।ਕੱਲ੍ਹ ਪੰਜਾਬ ਯੂਨੀਵਰਸਿਟੀ ਵਿੱਚ ਸੀਵਾਈਐਸਐਸ ਦੇ ਇੰਚਾਰਜ ਅਤੇ ਮੋਗਾ ਜ਼ਿਲ੍ਹੇ ਦੀ ਧਰਮਕੋਟ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਕਈ ਨਵੇਂ ਲੋਕਾਂ ਨੂੰ ਆਪਣੀ ਸੰਸਥਾ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਪੁੱਜੇ ਸਨ। ਉੱਥੇ ਹੀ ਹੋਰ ਜਥੇਬੰਦੀਆਂ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੀਆਂ ਸਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਜਦੋਂ ਪੰਜਾਬ ਵਿੱਚ ਦੋ ਕਿਸਾਨਾਂ ਦੀ ਮੌਤ ਬਾਰੇ ਵਿਧਾਇਕ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਹੰਗਾਮਾ ਹੋ ਗਿਆ।