Chandigarh News: ਹੁਣ ਚੰਡੀਗੜ੍ਹ 'ਚ ਚੱਲਣਗੇ ਬਿਜਲੀ ਵਾਲੇ ਵਾਹਨ, ਪੈਟਰੋਲ ਵਾਹਨਾਂ ਦੀ ਰਜਿਸਟਰੇਸ਼ਨ ’ਤੇ ਪਾਬੰਦੀ
ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਗਿਣਤੀ ਵਧਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਸਦਕਾ ਯੂਟੀ ਪ੍ਰਸ਼ਾਸਨ ਨੇ 10 ਫਰਵਰੀ ਤੋਂ 31 ਮਾਰਚ 2023 ਤੱਕ ਸ਼ਹਿਰ ਵਿੱਚ ਦੋ ਪਹੀਆ ਪੈਟਰੋਲ ਵਾਲੇ ਵਾਹਨਾਂ ਦੀ ਰਜਿਸਟਰੇਸ਼ਨ ’ਤੇ ਪਾਬੰਦੀ ਲਾ ਦਿੱਤੀ ਹੈ।
Chandigarh News: ਚੰਡੀਗੜ੍ਹ ਵਿੱਚ ਹੁਣ ਬਿਜਲੀ ਵਾਲੀਆਂ ਗੱਡੀਆਂ ਚੱਲ਼ਣਗੀਆਂ। ਯੂਟੀ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨਾਂ ਨੂੰ ਹੁਲਾਰਾ ਦੇਣ ਲਈ ਦੋ ਪਹੀਆ ਪੈਟਰੋਲ ਵਾਹਨਾਂ ਦੀ ਰਜਿਸਟਰੇਸ਼ਨ ’ਤੇ ਪਾਬੰਦੀ ਲਾ ਦਿੱਤੀ ਹੈ। ਬੇਸ਼ੱਕ ਇਸ ਦਾ ਵਿਰੋਧ ਹੋ ਰਿਹਾ ਹੈ ਪਰ ਲੋਕਾਂ ਦਾ ਰੁਝਾਨ ਇਲੈਕਟ੍ਰਿਕ ਵਾਹਨਾਂ ਵੱਲ ਵਧਣ ਲੱਗਾ ਹੈ।
ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਗਿਣਤੀ ਵਧਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਸਦਕਾ ਯੂਟੀ ਪ੍ਰਸ਼ਾਸਨ ਨੇ 10 ਫਰਵਰੀ ਤੋਂ 31 ਮਾਰਚ 2023 ਤੱਕ ਸ਼ਹਿਰ ਵਿੱਚ ਦੋ ਪਹੀਆ ਪੈਟਰੋਲ ਵਾਲੇ ਵਾਹਨਾਂ ਦੀ ਰਜਿਸਟਰੇਸ਼ਨ ’ਤੇ ਪਾਬੰਦੀ ਲਾ ਦਿੱਤੀ ਹੈ। ਦੂਜੇ ਪਾਸੇ ਸਿਟੀ ਬਿਊਟੀਫੁੱਲ ਵਿੱਚ ਲੋਕਾਂ ਵਿੱਚ ਇਲੈਕਟ੍ਰਿਕ ਵਾਹਨਾਂ ਦਾ ਰੁਝਾਨ ਵਧਣਾ ਸ਼ੁਰੂ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪੰਜ ਸਾਲਾਂ ਦੌਰਾਨ 1107 ਇਲੈਕਟ੍ਰਿਕ ਵਾਹਨ ਰਜਿਸਟਰਡ ਹੋਏ ਹਨ। ਇਸ ਵਿੱਚ ਸਭ ਤੋਂ ਵੱਧ ਵਾਹਨ 2022 ਵਿੱਚ 795 ਇਲੈਕਟ੍ਰਿਕ ਵਾਹਨ ਰਜਿਸਟਰਡ ਹੋਏ ਹਨ। ਯੂਟੀ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਲ 2018 ਵਿੱਚ 29, 2019 ਵਿੱਚ 18, ਸਾਲ 2020 ਵਿੱਚ 11, ਸਾਲ 2021 ਵਿੱਚ 120, ਸਾਲ 2022 ’ਚ 795 ਤੇ ਸਾਲ 2023 ’ਚ ਹੁਣ ਤੱਕ 134 ਵਾਹਨ ਰਜਿਸਟਰਡ ਹੋਏ ਹਨ।
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਚਾਰਜਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਲਿਆ ਹੈ ਅਤੇ ਹੁਣ ਤੱਕ ਸ਼ਹਿਰ ਵਿੱਚ 23 ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਲੋਕ ਆਪਣੇ ਘਰਾਂ ਵਿੱਚ ਵੀ ਨਿੱਜੀ ਚਾਰਜਿੰਗ ਸਟੇਸ਼ਨ ਲਗਾ ਰਹੇ ਹਨ, ਜਿਸ ’ਤੇ ਯੂਟੀ ਪ੍ਰਸ਼ਾਸਨ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ।
ਚੰਡੀਗੜ੍ਹ ਦੇ ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ ਪ੍ਰਦੁੱਮਨ ਸਿੰਘ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਇਸੇ ਵਾਹਸਤੇ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨ ਰਜਿਸਟਰ ਕਰਨ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਮੇਂ ਰਹਿੰਦੇ ਪੂਰਾ ਕੀਤਾ ਜਾਵੇਗਾ।
ਚੰਡੀਗੜ੍ਹ ਨਵਿਆਉਯੋਗ ਊਰਜਾ ਤੇ ਵਿਗਿਆਨ ਤੇ ਤਕਨਾਲੋਜੀ ਪ੍ਰਮੋਸ਼ਨ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇਬੇਂਦਰ ਦਲਾਈ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਇਲੈਕਟ੍ਰਿਕ ਵਾਹਨਾਂ ਨੂੰ ਉਤਸਾਹਿਤ ਕਰਨ ਲਈ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਇਲੈਕਟ੍ਰਿਕ ਵਾਹਨਾਂ ਦੀਆਂ ਵਾਧੂ ਕੀਮਤਾਂ ਇਨ੍ਹਾਂ ਦੀ ਵਿੱਕਰੀ ’ਚ ਅੜਿੱਕਾ ਡਾਹ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਵਿੱਚ ਦੋ ਪਹੀਆ ਇਲੈਕਟ੍ਰਿਕ ਵਾਹਨ ਦੀ ਕੀਮਤ ਡੇਢ ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।