Chandigarh News: ਚੰਡੀਗੜ੍ਹ ਨੂੰ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਤੋਰਨ ਲਈ ਸਲਾਹਕਾਰ ਕੌਂਸਲ ਦੀ ਮੀਟਿੰਗ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦਾ ਮੁੱਦਾ ਚੁੱਕਿਆ। 


ਇਸ ਦੌਰਾਨ ਭਾਜਪਾ ਆਗੂ ਸੱਤਿਆਪਾਲ ਜੈਨ ਨੇ ਕਿਹਾ ਕਿ ਸ਼ਹਿਰ ਨੂੰ ਟਰੈਫ਼ਿਕ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਮੈਟਰੋ ਨੂੰ ਲਿਆਂਦਾ ਜਾਣਾ ਚਾਹੀਦਾ ਹੈ। ਸ਼ਹਿਰ ਵਿੱਚ ਮੈਟਰੋ ਲਿਆਉਣ ਦੀ ਤਜਵੀਜ਼ ਦੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਤੇ ਹੋਰ ਕਈ ਮੈਂਬਰਾਂ ਨੇ ਹਮਾਇਤ ਕੀਤੀ, ਜਦੋਂਕਿ ਸੰਸਦ ਮੈਂਬਰ ਕਿਰਨ ਖੇਰ ਨੇ ਮੈਟਰੋ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਪਰ ਭਾਜਪਾ ਆਗੂ ਸੰਜੈ ਟੰਡਨ ਨੇ ਮੈਟਰੋ ਦੀ ਹਮਾਇਤ ਕੀਤੀ।


ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸ਼ਹਿਰ ਦੇ ਪਿੰਡਾਂ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲਾਲ ਡੋਰੇ ਤੋਂ ਬਾਹਰ ਕੋਈ ਵੀ ਨਵੀਂ ਉਸਾਰੀ ਨਹੀਂ ਹੋਣੀ ਚਾਹੀਦੀ, ਜਦੋਂਕਿ ਪੁਰਾਣੀ ਨਾਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾਵੇਗਾ। ਸਲਾਹਕਾਰ ਨੇ ਪਿੰਡਾਂ ਦੇ ਵਿਕਾਸ ਲਈ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਮੰਗਿਆ ਤਾਂ ਜੋ ਛੇਤੀ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਵਿਕਾਸ ਕੀਤਾ ਜਾ ਸਕੇ। 



ਇਸ ਮੌਕੇ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਢਾਹੁਣ ਦਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਥਾਂ ਉਨ੍ਹਾਂ ਨੂੰ ਰੈਗੂਲਰ ਕਰ ਦੇਣਾ ਚਾਹੀਦਾ ਹੈ ਤੇ ਨਵੀਂ ਉਸਾਰੀ ਨਹੀਂ ਹੋਣ ਦੇਣੀ ਚਾਹੀਦੀ। ਇਸ ਮੌਕੇ ਵਾਤਾਵਰਨ ਬਾਰੇ ਕਮੇਟੀ ਨੇ ਸਰਕਾਰੀ ਵਿਭਾਗਾਂ ਵਿੱਚ ਕਾਗਜ਼ ਰਹਿਤ ਕੰਮ ਕਰਨ, ਈਮੇਲਾਂ ਦੀ ਵਰਤੋਂ, ਡਿਜੀਟਲ ਤਕਨਾਲੋਜੀ ਤੇ ਸ਼ਹਿਰ ਵਿੱਚੋਂ ਪਲਾਸਟਿਕ ਦੇ ਕੂੜੇ ਨੂੰ ਹਟਾਉਣ ਲਈ ਸੀਐਸਆਰ ਨੀਤੀ ਨੂੰ ਲਾਗੂ ਕਰਨ ਦੀ ਸਿਫਾਰਿਸ਼ ਕੀਤੀ। 



ਸਿਹਤ ਬਾਰੇ ਕਮੇਟੀ ਨੇ ਸ਼ਹਿਰ ਦੇ ਮੁੱਖ ਤਿੰਨ ਹਸਪਾਤਲ ਪੀਜੀਆਈ, ਸੈਕਟਰ-16 ਤੇ 32 ਦੇ ਸਰਕਾਰੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਡਿਸਪੈਂਸਰੀਆਂ ਨੂੰ ਹੋਰ ਆਧੁਨਿਕ ਕੀਤਾ ਜਾਣਾ ਚਾਹੀਦਾ ਹੈ। ਯੂਟੀ ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਡਿਸਪੈਂਸਰੀਆਂ ’ਚ ਸੁਧਾਰ ਯਕੀਨੀ ਬਨਾਉਣ ਦੇ ਆਦੇਸ਼ ਦਿੱਤੇ। 



ਕਾਨੂੰਨ ਵਿਵਸਥਾ ਬਾਰੇ ਕਮੇਟੀ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਦੀ ਗਸ਼ਟ ਵਧਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਖੇਡਾਂ ਬਾਰੇ ਕਮੇਟੀ ਨੇ ਸ਼ਹਿਰ ਵਿੱਚ ਖੇਡਾਂ ਦੀ ਪੱਧਰ ਉੱਚਾ ਚੁੱਕਣ ਲਈ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ’ਤੇ ਜ਼ੋਰ ਦਿੱਤਾ। ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦੇ ਸੁਝਾਵਾਂ ’ਤੇ ਵਿਚਾਰ ਕਰਨ ਅਤੇ ਸ਼ਹਿਰ ਦੇ ਵਿਕਾਸ ਲਈ ਜਲਦ ਫ਼ੈਸਲੇ ਲੈਣ ਦਾ ਭਰੋਸਾ ਦਿੱਤਾ।