ਪੰਜਾਬ ਸਰਕਾਰ ਵੱਲੋਂ ਰੈਗੁਲਰ ਕੀਤੇ 12710 ਅਧਿਆਪਕਾਂ 'ਤੇ ਸਿਆਸੀ ਵਾਰ ਵੀ ਸ਼ੁਰੂ ਹੋ ਗਏ ਹਨ। ਵਿਰੋਧੀਆਂ ਵੱਲੋਂ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ 'ਤੇ ਰੱਖਿਆ ਸੀ।


 ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਮੁਲਾਜ਼ਮ ਦੀ ਜਾਇਜ਼ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।


ਵਿਰੋਧੀ ਧਿਰ ਵੱਲੋਂ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ 'ਤੇ ਮੌਜੂਦ ਹੈ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਨਾਲ ਜੁੜਿਆ ਕੱਚਾ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ 5 ਫੀਸਦੀ ਇੰਕਰੀਮੈਂਟ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। 


ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਹੈ, ਇਸ ਲਈ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।


ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਪਿੰਡ ਪੱਧਰ ਤੋਂ ਲੈ ਕੇ ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਵੱਖ-ਵੱਖ ਲਾਭ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ । 


ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਕਰਕੇ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਮਜ਼ਬੂਤ ਬੁਨਿਆਦੀ ਢਾਂਚਾ, ਕੋਚਿੰਗ ਅਤੇ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਮੈਡਲ ਜਿੱਤਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਉਦਯੋਗ ਨੀਤੀ, ਇਲੈਕਟ੍ਰਿਕ ਵਹੀਕਲ ਨੀਤੀ, ਖੇਤੀਬਾੜੀ ਨੀਤੀ ਅਤੇ ਹੁਣ ਖੇਡ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇ ਤਾਂ ਜੋ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।