Chandigarh News: ਚੰਡੀਗੜ੍ਹ ਦੇ ਸਕੂਲਾਂ ਵਿੱਚ ‘ਆਈ ਫਲੂ’ ਦੀ ਦਹਿਸ਼ਤ! ਸਕੂਲੀ ਬੱਚਿਆਂ ਦੇ ਮਾਪਿਆਂ ਲਈ ਐਡਵਾਈਜ਼ਰੀ
ਚੰਡੀਗੜ੍ਹ ਵਿੱਚ ਸਕੂਲੀ ਵਿਦਿਆਰਥੀ ਇਸ ਦਾ ਸ਼ਿਕਾਰ ਹੋ ਰਹੇ ਹਨ। ਕਈ ਕੇਸ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ।
Chandigarh News: ਚੰਡੀਗੜ੍ਹ ਦੇ ਸਕੂਲਾਂ ਵਿੱਚ ‘ਆਈ ਫਲੂ’ ਦੀ ਦਹਿਸ਼ਤ ਵਧ ਰਹੀ ਹੈ। ‘ਆਈ ਫਲੂ’ ਬੱਚਿਆਂ ਨੂੰ ਜ਼ਿਆਦਾ ਪ੍ਰਭਾਵਿਤ ਕਰ ਰਿਹਾ ਹੈ। ਚੰਡੀਗੜ੍ਹ ਵਿੱਚ ਸਕੂਲੀ ਵਿਦਿਆਰਥੀ ਇਸ ਦਾ ਸ਼ਿਕਾਰ ਹੋ ਰਹੇ ਹਨ। ਕਈ ਕੇਸ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ।
ਦੱਸ ਦਈਏ ਕਿ ਚੰਡੀਗੜ੍ਹ ਦੇ ਸਕੂਲਾਂ ਵਿੱਚ ‘ਆਈ ਫਲੂ’ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਐਡਵਾਇਜ਼ਰੀ ਵਿੱਚ ਅੱਖਾਂ ਲਾਲ ਹੋਣ ਤੇ ਸੋਜ਼ਿਸ਼ ਆਉਣ ਦੀ ਸੂਰਤ ਵਿੱਚ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਨੇ ਮਾਪਿਆਂ ਨੂੰ ਕਿਹਾ ਹੈ ਕਿ ਉਹ ਆਈ ਫਲੂ ਦੇ ਲੱਛਣ ਸਾਹਮਣੇ ਆਉਣ ’ਤੇ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ।
ਹਾਸਲ ਜਾਣਕਾਰੀ ਮੁਤਾਬਕ ਕਈ ਸਕੂਲਾਂ ਨੇ ਇਹ ਵੀ ਕਿਹਾ ਹੈ ਕਿ ਆਈ ਫਲੂ ਪੀੜਤ ਵਿਦਿਆਰਥੀਆਂ ਨੂੰ ਸਮੈਸਟਰ ਪ੍ਰੀਖਿਆਵਾਂ ਲਈ ਰਿਆਇਤਾਂ ਦਿੱਤੀਆਂ ਜਾਣਗੀਆਂ ਜਦਕਿ ਕਈ ਸਕੂਲਾਂ ਨੇ ਸਰਕੁਲਰ ਜਾਰੀ ਕਰਕੇ ਕਿਹਾ ਹੈ ਕਿ ਪੀੜਤ ਬੱਚੇ ਆਨਲਾਈਨ ਪ੍ਰੀਖਿਆ ਦੇ ਸਕਦੇ ਹਨ। ਕਈ ਸਕੂਲਾਂ ਨੇ ਆਈ ਫਲੂ ਨਾਲ ਪੀੜਤ ਵਿਦਿਆਰਥੀਆਂ ਦੇ ਵੱਖਰੇ ਕਮਰਿਆਂ ਵਿਚ ਪ੍ਰੀਖਿਆ ਕਰਵਾਉਣ ਦੇ ਪ੍ਰਬੰਧ ਕਰ ਦਿੱਤੇ ਹਨ।
ਸੂਤਰਾਂ ਮੁਤਾਬਕ ਸਰਕਾਰੀ ਤੋਂ ਇਲਾਵਾ ਨਿੱਜੀ ਸਕੂਲ ਦੇ ਬੱਚੇ ਵੀ ਇਸ ਬਿਮਾਰੀ ਦੀ ਮਾਰ ਹੇਠ ਆ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਹਰ ਸਕੂਲ ਦੇ ਹਰ ਸੈਕਸ਼ਨ ਵਿੱਚ ਦਰਜਨ ਦੇ ਕਰੀਬ ਬੱਚੇ ਇਸ ਬਿਮਾਰੀ ਤੋਂ ਪੀੜਤ ਪਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਮਾਪਿਆਂ ਵਿੱਚ ਸਹਿਮ ਦਾ ਮਾਹੌਲ ਹੈ।
ਇਸ ਬਾਰੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਕੂਲਾਂ ਵਿੱਚ ਆਈ ਫਲੂ ਦੇ ਕੇਸਾਂ ’ਤੇ ਨਜ਼ਰ ਰੱਖ ਰਹੇ ਹਨ ਪਰ ਫਿਲਹਾਲ ਡਰਨ ਦੀ ਕੋਈ ਲੋੜ ਨਹੀਂ। ਉਧਰ, ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਈ ਫਲੂ ਤੋਂ ਪੀੜਤ ਬੱਚੇ ਅੱਖਾਂ ਵਿੱਚ ਹੱਥ ਲਾਉਣ ਤੋਂ ਗੁਰੇਜ਼ ਕਰਨ ਤੇ ਉਨ੍ਹਾਂ ਲਈ ਵੱਖਰੇ ਤੌਲੀਏ ਦਾ ਪ੍ਰਬੰਧ ਕੀਤਾ ਜਾਵੇ ਜਾਂ ਡਿਸਪੋਜ਼ਲ ਟਿਸ਼ੂ ਵਰਤੇ ਜਾਣ।