Chandigarh News: ਭਗਵੰਤ ਮਾਨ ਸਰਕਾਰ ਲਈ ਸਿਰਦਰਦੀ ਬਣਨ ਲੱਗਾ ਪੰਥਕ ਜਥੇਬੰਦੀਆਂ ਦਾ ਮੋਰਚਾ, ਹੁਣ ਵਿਦੇਸ਼ਾਂ ਤੋਂ ਮਿਲਣ ਲੱਗੀ ਹਮਾਇਤ
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ।
Chandigarh News: ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਦਾ ਮੋਰਚਾ ਪੰਜਾਬ ਸਰਕਾਰ ਲਈ ਮੁਤੀਬਤ ਬਣਦਾ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ-ਮੁਹਾਲੀ ਦੀ ਹੱਦ ਉੱਪਰ ਲੱਗੇ ਮੋਰਚੇ ਨੂੰ ਹੁਣ ਵਿਦੇਸ਼ਾਂ ਤੋਂ ਵੀ ਹਮਾਇਤ ਮਿਲਣ ਲੱਗੀ ਹੈ। ਇਸ ਤੋਂ ਇਲਾਵਾ ਕੁਝ ਕਿਸਾਨ ਜਥੇਬੰਦੀਆਂ ਨੇ ਵੀ ਹਮਾਇਤ ਦੇ ਦਿੱਤੀ ਹੈ। ਇਸ ਦੇ ਨਾਲ ਆਪ-ਮੁਹਾਰੇ ਲੋਕ ਵੀ ਮੋਰਚੇ ਵਿੱਚ ਪਹੁੰਚਣ ਲੱਗੇ ਹਨ। ਉਧਰ, ਕੇਂਦਰ ਤੇ ਪੰਜਾਬ ਦੀਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਪ੍ਰਦਰਸ਼ਨਕਾਰੀ ਸਿੱਖਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ। ਜਿੱਥੇ ਪ੍ਰਦਰਸ਼ਨਕਾਰੀ ਸਿੱਖਾਂ ਤੇ ਇਨਸਾਫ਼ ਪਸੰਦ ਲੋਕਾਂ ਦਾ ਰੋਹ ਭਖਦਾ ਜਾ ਰਿਹਾ ਹੈ, ਉੱਥੇ ਹੁਣ ਸਮਾਜ ਸੇਵੀ, ਪੰਥ ਦਰਦੀਆਂ ਤੇ ਕਿਸਾਨ ਵੀ ਲਗਾਤਾਰ ਜੁੜ ਰਹੇ ਹਨ ਤੇ ਵਿਦੇਸ਼ੀ ਮੁਲਕਾਂ ਵਿੱਚ ਵੀ ਲੋਕ ਲਹਿਰ ਬਣਨੀ ਸ਼ੁਰੂ ਹੋ ਗਈ ਹੈ।
ਪ੍ਰਬੰਧਕਾਂ ਅਨੁਸਾਰ ਅਮਰੀਕਾ ਵਿੱਚ ਵੀ ਸਿੱਖ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਬਾਪੂ ਗੁਰਚਰਨ ਸਿੰਘ ਤੇ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਇਹ ਵੀ ਫ਼ੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਪੱਕੇ ਮੋਰਚੇ ਦੇ ਮੰਚ ਤੋਂ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ। ਹੁਣ ਪ੍ਰਬੰਧਕ ਮਾਮਲੇ ਨੂੰ ਸ਼ਾਂਤ ਕਰਨ ਵਿੱਚ ਲੱਗੇ ਹੋਏ ਹਨ।
ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਧਰਮ ਜਾਂ ਫ਼ਿਰਕੇ ਨਾਲ ਕੋਈ ਨਿੱਜੀ ਵਿਰੋਧ ਨਹੀਂ, ਉਹ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੇ ਹਨ। ਧਰਨੇ ਵਿੱਚ ਪਹੁੰਚ ਰਹੀ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸੜਕ ਦੇ ਦੋਵੇਂ ਪਾਸੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।