Chandigarh News : ਇੱਕ ਪਾਸੇ ਜਿੱਥੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਓਥੇ ਹੀ ਦੂਜੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ 'ਚ ਹੁਣ ਤੱਕ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਨੇ ਹਿੱਸਾ ਲਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਸਤਖ਼ਤੀ ਮੁਹਿੰਮ 'ਚ ਫਾਰਮ ਉਪਰ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਦਸਤਖ਼ਤ ਮੁਹਿੰਮ ਵਿਚ ਹਿੱਸਾ ਲਿਆ ਹੈ।
ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਨੇ ਅੱਜ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ 'ਤੇ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ 'ਚੋਂ ਰਿਹਾਅ ਕਰਨ ਲਈ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਦਸੰਬਰ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਅੱਜ ਇਸਦਾ ਦੂਜਾ ਪੜਾਅ ਸ਼ੁਰੂ ਹੋਇਆ ਹੈ।
ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ 'ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ''ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਪ੍ਰਕਾਸ਼ ਸਿੰਘ ਬਾਦਲ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ 'ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।''
ਦੱਸ ਦੇਈਏ ਕਿ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ - ਚੰਡੀਗੜ੍ਹ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖ਼ਿਲਾਫ ਪੱਕਾ ਮੋਰਚਾ ਲਗਾਇਆ ਹੋਇਆ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਨਿੱਤਰੀਆਂ ਹਨ।