ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰੁਪਏ ਲਏ ਹਨ।


ਵਿਜੀਲੈਂਸ ਬਿਊਰੋ ਵੱਲੋਂ ਉਸਦੀ ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ੀ ਪਾਏ ਜਾਣ ਤੇ ਮੁਲਜ਼ਮ ਪਟਵਾਰੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸਨੂੰ ਗ੍ਰਿਫਤਾਰ ਕਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗ੍ਰਿਫ਼ਤਾਰ


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 
ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।