Chandigarh News : ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ।

 ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ 'ਤੇ ਚੰਡੀਗੜ੍ਹ ਵੱਸਿਆ ਹੋਇਆ ਹੈ। ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਕੀਤਾ ਹੈ।

 ਕੰਗ ਨੇ ਟਵੀਟ 'ਚ ਲਿਖਿਆ, "ਹਰਿਆਣਾ ਸਰਕਾਰ ਨੇ ਆਪਣੀ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਜ਼ਮੀਨ ਮੰਗੀ ਹੈ।ਜ਼ਮੀਨ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਹਰਿਆਣਾ ਨੂੰ ਚੰਡੀਗੜ੍ਹ ਦੀ ਇਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਹਰਿਆਣਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਆਪਣੀ ਵਿਧਾਨ ਸਭਾ ਬਣਾ ਲਵੇ, ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ।"     


ਇਹ ਵੀ ਪੜ੍ਹੋ : 5 ਲੱਖ ਰੁਪਏ ਦਾ ਇਨਾਮੀ ਖਾਲਿਸਤਾਨੀ ਅੱਤਵਾਦੀ ਗ੍ਰਿਫ਼ਤਾਰ , ਸੀਪੀ ਸਮੇਤ ਕਈ ਹਮਲਿਆਂ 'ਚ ਸੀ ਫਰਾਰ


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ 'ਤੇ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ 'ਤੇ ਵਿਰੋਧ ਕਰਨਗੇ।



 

ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਸੂਬੇ ਨੂੰ ਪਾਣੀ ਦੇਣ ਲਈ ਮਜਬੂਰ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾਉਣ ਸਬੰਧੀ ਕਦਮਾਂ ਦਾ ਹਿਸਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।