Chandigarh News : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ 'ਤੇ ਟਿੱਪਣੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਬਜਟ 'ਚ ਖੇਤ ਮਜ਼ਦੂਰਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਰਾਹੀਂ ਆਪ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਇੱਕ ਫੇਰ ਬੇਨਕਾਬ ਹੋ ਗਿਆ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਬਜ਼ਟ ਮਜ਼ਦੂਰਾਂ ਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਲਈ ਰੁਜ਼ਗਾਰ ਦੀ ਗਰੰਟੀ ਕਰਨ, ਸੂਦਖੋਰੀ ਤੇ ਮਾਈਕਰੋਫਾਈਨਾਸ ਕੰਪਨੀਆਂ ਦੀ ਅੰਨ੍ਹੀ ਲੁੱਟ ਤੋਂ ਮੁਕਤੀ ਦਿਵਾਉਣ ਅਤੇ ਜ਼ਮੀਨੀ ਸੁਧਾਰ ਲਾਗੂ ਕਰਨ ਰਾਹੀਂ ਖੇਤੀ ਸੰਕਟ ਹੱਲ ਕਰਨ ਵਾਲ਼ੀ ਦਿਸ਼ਾ ਤੋਂ ਪੂਰੀ ਤਰ੍ਹਾਂ ਸੱਖਣਾ ਹੈ। 

 


 

 

ਉਹਨਾਂ ਆਖਿਆ ਕਿ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜ਼ੀਹ ਦੇਣ ਦੇ ਦਮਗਜੇ ਮਾਰਨ ਵਾਲੀ ਆਪ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਬਜ਼ਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤਾ ਹੈ। ਉਹਨਾਂ ਆਖਿਆ ਕਿ ਮਾਲਵਾ ਖੇਤਰ ਦੇ ਦਲਿਤ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਉੱਚ ਪੱਧਰੀ ਤੇ ਸਸਤੀ ਸਿੱਖਿਆ ਮਹੱਈਆ ਕਰਾਉਣ ਵਾਲੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਲੱਗਭੱਗ 290 ਕਾਲਜਾਂ 'ਚ ਕਰੀਬ ਸਵਾ ਦੋ ਲੱਖ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ,ਜਿਨ੍ਹਾਂ ਲਈ ਇਹ ਕਟੌਤੀ ਭਾਰੂ ਸਾਬਤ ਹੋਵੇਗੀ। 

 


 

ਉਹਨਾਂ ਕਿਹਾ ਪਹਿਲਾਂ ਹੀ ਲੱਗਭਗ 150 ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਹੰਢਾ ਰਹੀ ਯੂਨੀਵਰਸਿਟੀ ਨੂੰ ਕੋਈ ਰਾਹਤ ਦੇਣ ਦੀ ਥਾਂ ਇਸਦਾ ਬਜ਼ਟ ਘਟਾਕੇ ਆਪ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਵੀ ਪਹਿਲੀਆਂ ਸਰਕਾਰਾਂ ਵਾਂਗ ਲਵਲੀ ਯੂਨੀਵਰਸਿਟੀ ਵਰਗੇ ਪ੍ਰਾਈਵੇਟ ਅਦਾਰਿਆਂ ਦੀ ਪੁਸ਼ਤਪਨਾਹੀ ਕਰਨ ਦੇ ਰਾਹ 'ਤੇ ਹੀ ਚੱਲ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।