Farmers Protest: ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਨਹੀਂ ਵੜਨ ਦਿੱਤਾ ਜਾਏਗਾ। ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ 12 ਰੂਟ ਡਿਵਰਟ ਕਰ ਦਿੱਤੇ  ਹਨ ਤੇ 2500 ਜਵਾਨ ਤਾਇਨਾਤ ਕੀਤੇ ਹਨ। ਬੁੱਧਵਾਰ ਸਵੇਰ ਤੋਂ ਹੀ ਚੰਡੀਗੜ੍ਹ ਆਉਣ ਵਾਲੇ ਸਾਰੇ ਪ੍ਰਵੇਸ਼ ਰਸਤਿਆਂ 'ਤੇ ਬੈਰੀਕੇਡ ਲਾ ਕੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਡੀਐਸਪੀ ਖੁਦ ਹਰ ਚੈੱਕ ਪੋਸਟ 'ਤੇ ਮੌਜੂਦ ਹਨ। ਇਸ ਦੌਰਾਨ ਪੁਲਿਸ ਸਾਰੇ ਵਾਹਨਾਂ ਦੀ ਜਾਂਚ ਕਰ ਰਹੀ ਹੈ।



ਉਧਰ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਜ਼ਿਆਦਾਤਰ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂ ਰਾਤ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਖੁਦ ਹਰ ਪਲ ਦੀ ਰਿਪੋਰਟ ਲੈ ਰਹੇ ਹਨ। ਇਸ ਤੋਂ ਇਲਾਵਾ ਐਸਐਸਪੀ ਕੰਵਰਦੀਪ ਕੌਰ ਵੀ ਚੌਕੀਆਂ ਦਾ ਦੌਰਾ ਕਰ ਰਹੇ ਹਨ ਤੇ ਸੁਰੱਖਿਆ ਦਾ ਮੁਆਇਨਾ ਕਰ ਰਹੇ ਹਨ। 



ਚੰਡੀਗੜ੍ਹ ਪੁਲਿਸ ਵੱਲੋਂ ਹਰ ਸੰਭਵ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜੇਕਰ ਕਿਸਾਨ ਆ ਕੇ ਜ਼ਬਰਦਸਤੀ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਚੰਡੀਗੜ੍ਹ ਪੁਲਿਸ ਨੇ ਇਸ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਪੁਲਿਸ ਦੀ ਪਹਿਲੀ ਕੋਸ਼ਿਸ਼ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ ਦੇਣਾ ਹੈ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਆਉਣਗੇ। ਚੰਡੀਗੜ੍ਹ ਪੁਲਿਸ ਵਿਭਾਗ ਨੇ ਪੰਜਾਬ ਨਾਲ ਲੱਗਦੀਆਂ ਸ਼ਹਿਰ ਦੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।


ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ 5 ਮਾਰਚ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿੱਚ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਚੰਡੀਗੜ੍ਹ ਤੇ ਪੰਜਾਬ ਪੁਲਿਸ ਕਿਸਾਨਾਂ ਸਾਹਮਣੇ ਕੰਧ ਬਣ ਕੇ ਖੜ੍ਹ ਗਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲਤ ਵਿੱਚ ਮੁਹਾਲੀ ਰਾਹੀਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।