Punjab News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਹੰਗਾਮਾ ਕੀਤਾ ਹੈ। ਵਿਦਿਆਰਥੀਆਂ ਨੇ ਕੱਲ੍ਹ (26 ਨਵੰਬਰ) ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਹੈ। ਇਸ ਤੋਂ ਬਾਅਦ, ਉਨ੍ਹਾਂ ਨੇ ਮੰਗਲਵਾਰ ਦੇਰ ਸ਼ਾਮ ਗੇਟ ਨੰਬਰ 2 ਬੰਦ ਕਰ ਦਿੱਤਾ ਅਤੇ ਉੱਥੇ ਧਰਨਾ ਲਾ ਕੇ ਬੈਠ ਗਏ।
ਇਸ ਗੇਟ ਤੋਂ ਯੂਨੀਵਰਸਿਟੀ ਦੇ ਅੰਦਰ ਜ਼ਿਆਦਾ ਆਵਾਜਾਈ ਹੁੰਦੀ ਹੈ। ਪੰਜਾਬ ਯੂਨੀਵਰਸਿਟੀ (PU) ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ ਵੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਪੰਜਾਬ ਦੇ 200 ਕਾਲਜਾਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਯੂਨੀਵਰਸਿਟੀ ਵਿੱਚ ਭਲਕੇ ਛੁੱਟੀ ਰਹੇਗੀ। ਬੁੱਧਵਾਰ ਨੂੰ ਹੋਣ ਵਾਲੀ ਪ੍ਰੀਖਿਆ ਦੇ ਕੇਂਦਰ ਵਿੱਚ ਵੀ ਬਦਲਾਅ ਕੀਤਾ ਗਿਆ ਹੈ।
ਕੱਲ੍ਹ 10 ਹਜ਼ਾਰ ਕਿਸਾਨ ਆਉਣਗੇ ਚੰਡੀਗੜ੍ਹ
ਉੱਥੇ ਹੀ ਕੱਲ੍ਹ 10,000 ਕਿਸਾਨ 26 ਨਵੰਬਰ ਨੂੰ ਚੰਡੀਗੜ੍ਹ ਪਹੁੰਚਣਗੇ। ਉਹ ਦਿੱਲੀ ਅੰਦੋਲਨ ਦੇ ਪੰਜ ਸਾਲ ਪੂਰੇ ਹੋਣ 'ਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈਕੇ ਸੈਕਟਰ 43 ਦੇ ਦੁਸਹਿਰਾ ਮੈਦਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਚੰਡੀਗੜ੍ਹ ਪੁਲਿਸ ਨੇ ਇਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਸ਼ਹਿਰ ਵਿੱਚ 3,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਟ੍ਰੈਫਿਕ ਜਾਮ ਤੋਂ ਬਚਣ ਲਈ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਲੋਕਾਂ ਨੂੰ ਜਾਮ ਤੋਂ ਬਚਣ ਲਈ ਵਿਕਲਪਕ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।
ਕਿਸਾਨ ਆਗੂਆਂ ਦੇ ਅਨੁਸਾਰ, ਕੇਂਦਰ ਸਰਕਾਰ ਨੇ 2020-21 ਵਿੱਚ ਕਿਸਾਨ ਅੰਦੋਲਨ ਦੀਆਂ ਕੁਝ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਹੈ। ਇਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲਾ ਕਾਨੂੰਨ ਹੈ। ਇਸ ਤੋਂ ਇਲਾਵਾ, ਬਿਜਲੀ ਦੇ ਬਿੱਲ ਮੁਆਫ਼ ਨਹੀਂ ਕੀਤੇ ਗਏ ਹਨ।
ਭਲਕੇ ਆਹ ਸੜਕਾਂ ਬੰਦ ਰਹਿਣਗੀਆਂ
ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਦੀ ਰੈਲੀ ਦੇ ਮੱਦੇਨਜ਼ਰ ਕਿਸਾਨਾਂ ਦੀ ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਡਾਇਵਰਟ ਜਾਂ ਸੀਮਤ ਕਰ ਦਿੱਤਾ ਹੈ। ਟ੍ਰੈਫਿਕ ਪੁਲਿਸ ਨੇ ਸੂਚਿਤ ਕੀਤਾ ਹੈ ਕਿ ਇਸ ਨਾਲ ਜਨ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋਵੇਗੀ, ਜਿਸ ਵਿੱਚ ਕਜਹੇੜੀ ਚੌਕ (ਸੈਕਟਰ 42/43-52/53) ਤੋਂ ਸੈਕਟਰ 42/43 ਛੋਟਾ ਚੌਕ, ਅਟਾਵਾ ਚੌਕ (ਸੈਕਟਰ 35/36/42/43), ਅਤੇ ਸੈਕਟਰ 43 ਵਿੱਚ V-4 ਰੋਡ, ਸੈਕਟਰ 43/44 ਲਾਈਟ ਪੁਆਇੰਟ ਤੋਂ ਜੁਡੀਸ਼ੀਅਲ ਅਕੈਡਮੀ ਲਾਈਟ ਪੁਆਇੰਟ ਤੋਂ ਸੈਕਟਰ 42/43 ਛੋਟਾ ਚੌਕ ਤੱਕ ਸ਼ਾਮਲ ਹਨ।
ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਸਾਰੇ ਪ੍ਰਬੰਧ ਕੀਤੇ ਗਏ ਹਨ। ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਹੱਲ ਕਰਨ ਅਤੇ ਆਵਾਜਾਈ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ ਲਈ ਇੱਕ ਯੋਜਨਾ ਜਾਰੀ ਕੀਤੀ ਜਾਵੇਗੀ। ਸ਼ਹਿਰ ਵਾਸੀਆਂ ਨੂੰ ਵੀ ਉਨ੍ਹਾਂ ਦੇ ਸਹਿਯੋਗ ਲਈ ਬੇਨਤੀ ਕੀਤੀ ਗਈ ਹੈ।