Chandigarh News: ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਗਣਤੰਤਰ ਦਿਵਸ ਦਾ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਕੌਮੀ ਝੰਡਾ ਲਹਿਰਾਉਣਗੇ। 


ਗਣਤੰਤਰ ਦਿਵਸ ਮੌਕੇ ਵਧੀਆਂ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਮੁਲਾਜ਼ਮਾਂ ਤੇ 31 ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸੈਨਿਕ ਟੁਕੜੀਆਂ ਮਾਰਚ ਪਾਸਟ ਕਰਨਗੀਆਂ। ਉਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ’ਤੇ ਸੱਭਿਆਚਾਰਕ ਸਮਾਗਮ ਦੀ ਪੇਸ਼ਕਾਰੀ ਕੀਤੀ ਜਾਵੇਗੀ।



ਗਣਤੰਤਰ ਦਿਵਸ ’ਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ 24 ਘੰਟੇ ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਗਸ਼ਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਸ਼ੱਕੀ ਵਿਅਕਤੀਆਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।


ਉਧਰ, ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੱਡ ਚੀਰਵੀਂ ਠੰਢ ਦੇ ਬਾਵਜੂਦ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। 


ਉਨ੍ਹਾਂ ਨੇ ਠੰਢ ਦਾ ਮੁਕਾਬਲਾ ਕਰਨ ਲਈ ਸਮਾਗਮ ਵਿੱਚ ਹਿੱਸਾ ਲੈਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ। ਉਨ੍ਹਾਂ ਦੱਸਿਆ ਕਿ ਦਰਜਨ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀ ਦੇਸ਼ ਭਗਤੀ ਤੇ ਰਾਸ਼ਟਰੀ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਜ਼ਾਦੀ ਘੁਲਾਟੀਏ ਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਕਾਰੀਆਂ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।