ਚੰਡੀਗੜ੍ਹ : ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।


      ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਡਾਇਰੈਕਟੋਰੇਟ (ਪੁਰਾਣੇ ਡੀ.ਸੀ. ਦਫ਼ਤਰ, ਫੇਜ਼ 1, ਮੋਹਾਲੀ) ਦੇ ਬਾਹਰ 195 ਦਿਨਾਂ ਤੋਂ ਚੱਲੇ ਆ ਰਹੇ ਧਰਨੇ ਦੇ ਆਗੂਆਂ ਨੇ ਮੰਤਰੀ ਬਲਕਾਰ ਸਿੰਘ ਨੂੰ ਇਸ ਮੁੱਦੇ 'ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਾਲ ਉੱਚ ਪੱਧਰੀ ਮੀਟਿੰਗ ਤੈਅ ਕਰਨ ਲਈ ਮੰਗ ਪੱਤਰ ਸੌਂਪਿਆ।  


      ਮੰਤਰੀ ਬਲਕਾਰ ਸਿੰਘ ਨੇ ਪ੍ਰਧਾਨ ਪ੍ਰੋਫੈਸਰ ਹਰਨੇਕ ਸਿੰਘ ਸਮੇਤ ਮੋਰਚੇ ਦੇ ਆਗੂਆਂ ਨੂੰ ਉਨ੍ਹਾਂ ਦੇ ਮੰਗ ਪੱਤਰ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਾਮਲਿਆਂ ਚ ਮੈਰਿਟ ਦੇ ਆਧਾਰ ’ਤੇ ਇਨਸਾਫ਼ ਦੇਣ ਦਾ ਭਰੋਸਾ ਦੇਣ ਲਈ ਕਿਹਾ ਹੈ।


       ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਮੰਗ ਪੱਤਰ 12 ਮੰਗਾਂ 'ਤੇ ਆਧਾਰਿਤ ਹੈ, ਜਿਸ 'ਤੇ ਜਲਦ ਹੀ ਪੱਕਾ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਦ੍ਰਿੜ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।


      ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਭਗਵੰਤ ਸਿੰਘ ਮਾਨ  ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਹਿਲੇ ਡੇਢ ਸਾਲ ਦੇ ਕਾਰਜਕਾਲ ਵਿੱਚ ਮੈਰਿਟ ਦੇ ਆਧਾਰ 'ਤੇ ਲਗਭਗ 40,000 ਨੌਕਰੀਆਂ ਦੇ ਕੇ ਇੱਕ ਰਿਕਾਰਡ ਕਾਇਮ ਕੀਤਾ ਹੈ। 


ਉਨ੍ਹਾਂ ਮੋਰਚੇ ਦੇ ਆਗੂਆਂ ਨੂੰ ਰਾਖਵਾਂਕਰਣ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਦੇ ਨਾਲ ਨਾਲ ਭਵਿੱਖ ਵਿੱਚ ਅਜਿਹੀ ਮੁਸ਼ਿਕਲ ਨਾ ਬਣੇ, ਇਸ ਲਈ ਵੀ ਸਥਾਈ ਹੱਲ ਲੱਭਣ ਦਾ ਭਰੋਸਾ ਦਿੱਤਾ।