Bhagwant Mann: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ 1 ਮਈ ਤੋਂ ਆਮ ਜਨਤਾ ਲਈ ਖੋਲ੍ਹਣ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। 


ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਸਤੰਬਰ ਲਈ ਅੱਗੇ ਪਾ ਦਿੱਤੀ ਹੈ। ਬੈਂਚ ਨੇ ਕਿਹਾ, ‘ਸੜਕ ਖੋਲ੍ਹਣ ਦੇ ਨਿਰਦੇਸ਼ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ ਪਰ ਹਾਈ ਕੋਰਟ ਦੇ ਪਟੀਸ਼ਨ ’ਤੇ ਕਾਰਵਾਈ ਜਾਰੀ ਰੱਖੀ ਜਾ ਸਕਦੀ ਹੈ।’ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੂਬਾ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਇਹ ਹੁਕਮ ਦਿੱਤਾ ਹੈ। 


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਨੇ ਪਿਛਲੇ ਹਫ਼ਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 7 ਵਜੇ ਤੋਂ ਰੋਜ਼ਾਨਾ 12 ਘੰਟੇ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਸੁਣਵਾਈ ਦੌਰਾਨ ਹਾਈ ਕੋਰਟ ਨੇ ਨੋਟ ਕੀਤਾ ਸੀ ਕਿ 1980 ਦੇ ਦਹਾਕੇ ਵਿੱਚ ਅਤਿਵਾਦ ਦੇ ਦੌਰਾਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ।


ਜ਼ਿਕਰ ਕਰ ਦਈਏ ਕਿ ਬੀਤੀ ਦਿਨੀਂ ਹਾਈ ਕੋਰਟ ਨੇ ਐੱਸਐੱਸਪੀ ਤੇ ਡੀਜੀਪੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਵੇਰੇ ਸੱਤ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਇਸ ਸੜਕ ਨੂੰ ਖੋਲ੍ਹਣ ਦਾ ਪ੍ਰਬੰਧ ਕਰਨ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਸੁਰੱਖਿਆ ਪ੍ਰਾਪਤ ਲੋਕਾਂ ਦੀ ਸੁਰੱਖਿਆ ਦੇ ਨਾਂਅ 'ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਸਕਦਾ। ਕੋਰਟ ਨੇ ਪੁੱਛਿਆ ਹੈ ਕਿ ਲੋਕਾਂ ਲਈ ਇਹ ਸੜਕ ਕਿਉਂ ਨਹੀਂ ਖੋਲ੍ਹੀ ਜਾ ਸਕਦੀ।


ਹਾਈ ਕੋਰਟ ਨੇ ਕਿਹਾ ਕਿ 1980 ਦੇ ਦਹਾਕੇ 'ਚ ਅੱਤਵਾਦ ਵੇਲੇ ਸੜਕ ਬੰਦ ਕਰ ਦਿੱਤੀ ਗਈ ਸੀ ਤੇ ਉਦੋਂ ਤੋਂ ਚੀਜ਼ਾਂ 'ਚ ਬਹੁਤ ਬਦਲਾਅ ਆਇਆ ਹੈ। ਜੇ ਹਰਿਆਣਾ ਦੇ ਮੁੱਖ ਮੰਤਰੀ  ਦੇ ਘਰ ਸਾਹਮਣਲੀ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਬਿਨਾਂ ਕਿਸੇ ਜਾਇਜ਼ ਕਾਰਨ ਦੇ ਪੰਜਾਬ ਦੇ ਸੀਐੱਮ ਰਿਹਾਇਸ ਨੇੜਲੀ ਸੜਕ ਨੂੰ ਲੋਕਾਂ ਲਈ ਪੂਰੀ ਤਰ੍ਹਾਂ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ। 


ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜ਼ਾਹਿਰ ਤੌਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਜਾਣ ਵਾਲਾ ਰਸਤਾ ਖੁੱਲ੍ਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਦੀ ਸੜਕ ਇਸ ਤੱਥ ਦੇ ਬਾਵਜੂਦ ਬੰਦ ਹੈ ਕਿ ਸੜਕ ਤੇ ਮੁੱਖ ਮੰਤਰੀ ਦੀ ਰਿਹਾਇਸ਼ ਵਿਚਾਲੇ 100 ਫੁੱਟ ਦੀ ਹਰੀ ਪੱਟੀ ਹੈ।