Chandigarh News: ਚੰਡੀਗੜ੍ਹ ਵੀ ਮਾਰੂਥਲ ਵਾਂਗ ਤਪਣ ਲੱਗਾ ਹੈ। ਸ਼ਹਿਰ ਦਾ ਪਾਰਾ 44 ਡਿਗਰੀ ਤੱਕ ਪਹੁੰਚ ਚੁੱਕਾ ਹੈ। ਗਰਮੀ ਦੇ ਕਹਿਰ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਕਰ ਦਿੱਤਾ ਹੈ। ਪਹਿਲਾਂ ਇੱਕ ਵਜੇ ਤੱਕ ਸਕੂਲ ਚੱਲ ਰਹੇ ਸਨ। ਇਸ ਦੇ ਨਾਲ ਹੀ ਦੋ ਸ਼ਿਫਟਾਂ ਵਿੱਚ ਚੱਲਣ ਵਾਲੇ ਸਕੂਲਾਂ ਦਾ ਸਮਾਂ ਬਦਲਣ ਦੀ ਵੀ ਚਰਚਾ ਚੱਲ ਰਹੀ ਹੈ। ਹਾਲਾਂਕਿ ਚੰਡੀਗੜ੍ਹ 'ਚ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਹੋ ਰਹੀਆਂ ਹਨ।



ਹਾਸਲ ਜਾਣਕਾਰੀ ਮੁਤਾਬਕ ਸਿਟੀ ਬਿਉਟੀਫੁੱਲ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਨੇ 21 ਤੇ 22 ਮਈ ਲਈ ਹੀਟ ਵੇਵ ਦਾ ਰੈੱਡ ਤੇ ਜ਼ੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਦਰਜ ਕੀਤਾ ਗਿਆ ਹੈ।


ਮੌਸਮ ਵਿਭਾਗ ਮੁਤਾਬਕ 24 ਘੰਟਿਆਂ 'ਚ 0.6 ਦਾ ਵਾਧਾ ਦਰਜ ਕੀਤਾ ਗਿਆ ਹੈ। ਸ਼ਨੀਵਾਰ ਨੂੰ ਜਿੱਥੇ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ, ਉਥੇ ਅੱਜ ਇਹ 44 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਲੋਕਾਂ ਨੂੰ ਧੁੱਪ 'ਚ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।


ਸਿਹਤ ਮਹਿਕਮੇ ਮੁਤਾਬਕ ਹੀਟ ਸਟ੍ਰੋਕ ਤੋਂ ਬਚਣ ਲਈ ਲੋਕਾਂ ਨੂੰ ਜਿੱਥੋਂ ਤੱਕ ਹੋ ਸਕੇ ਧੁੱਪ ਵਾਲੇ ਦਿਨਾਂ ਵਿੱਚ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਟੋਪੀ ਤੇ ਛੱਤਰੀ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜ਼ਿਆਦਾ ਪ੍ਰੋਟੀਨ ਵਾਲਾ ਤੇ ਬਾਸੀ ਭੋਜਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।


ਇਸ ਤੋਂ ਇਲਾਵਾ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ। ਪਰ ਜੇਕਰ ਤੁਸੀਂ ਕਿਸੇ ਬਿਮਾਰੀ ਤੋਂ ਪੀੜਤ ਹੋ ਤਾਂ ਡਾਕਟਰੀ ਸਲਾਹ ਤੋਂ ਬਾਅਦ ਹੀ ਤਰਲ ਪਦਾਰਥਾਂ ਦਾ ਸੇਵਨ ਕਰੋ। ਜੇਕਰ ਕੋਈ ਬੀਮਾਰੀ ਜਾਂ ਬੇਹੋਸ਼ੀ ਵਰਗੀ ਸਥਿਤੀ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।