ਮੋਹਾਲੀ  – Punjab News -  ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ‘ਸਿੱਧੂ ਫਾਊਂਡੇਸ਼ਨ’ ਦੇ ਵਲੰਟੀਅਰਾਂ ਵਲੋਂ ਅੱਜ ਬਲੌਂਗੀ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਦੌਰਾਨ ਵੱਡੀ ਮਾਤਰਾ ਵਿੱਚ ਪਲਾਸਟਿਕ ਦੇ ਲਿਫ਼ਾਫਿਆਂ ਸਮੇਤ ਹੋਰ ਨਾ-ਗਲਣਯੋਗ ਕੂੜਾ ਇਕੱਠਾ ਕੀਤਾ ਗਿਆ।


ਸਿੱਧੂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅਸੀਂ ਅਜਿਹੇ ਖੇਤਰਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਰੋਜ਼ਾਨਾ ਪਲਾਸਟਿਕ ਅਤੇ ਪੋਲੀਥੀਨ ਦਾ ਕੂੜਾ ਇਕੱਠਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰੁਝਾਨ ਨੂੰ ਖਤਮ ਕਰਨ ਲਈ ਅਸੀਂ ਜਲਦੀ ਹੀ ਸਿੱਧੂ ਫਾਊਂਡੇਸ਼ਨ ਦੇ ਬੈਨਰ ਹੇਠ ਇੱਕ ਵੱਡੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਾਂਗੇ ਜਿਸ ਵਿਚ ਕੋਈ ਵੀ ਵਿਅਕਤੀ ਵਲੰਟੀਅਰ ਵਜੋਂ ਕੰਮ ਕਰ ਕੇ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸਾਡਾ ਆਪਣਾ ਸ਼ਹਿਰ ਹੈ ਅਤੇ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸ਼ਹਿਰ ਨੂੰ ਸਾਫ਼ ਕਰਕੇ ਮੁਹਾਲੀ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਈਏ।


  ਉਨ੍ਹਾਂ ਅੱਗੇ ਦੱਸਿਆ ਕਿ ਡੇਂਗੂ-ਡਾਇਰੀਆ ਬੀਮਾਰੀਆਂ ਵਿਰੁੱਧ ਵਿੱਢੀ ਗਈ ਵਿੱਚ ਫਾਊਂਡੇਸ਼ਨ ਵੱਲੋਂ ਰੋਜ਼ਾਨਾ ਨਾਜ਼ਕ ਥਾਵਾਂ ’ਤੇ ਫੌਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੈਕਟਰ ਜਾਂ ਸੁਸਾਇਟੀ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਜਾਂ ਕੋਈ ਵਿਅਕਤੀ ਵੀ ਮਹਿਸੂਸ ਕਰਦਾ ਹੈ ਕਿ ਉਨ੍ਹਾਂ ਦੇ ਰਿਹਾਇਸ਼ੀ ਇਲਾਕੇ ਵਿੱਚ ਫੌਗਿੰਗ ਦੀ ਲੋੜ ਹੈ ਤਾਂ ਉਹ ਫਾਊਂਡੇਸ਼ਨ ਦੇ ਵਲੰਟੀਅਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ 6 ਘੰਟੇ ਦੇ ਅੰਦਰ ਫੋਗਿੰਗ ਨੂੰ ਯਕੀਨੀ ਬਣਾਇਆ ਜਾਵੇਗਾ।


ਇਸ ਮੌਕੇ ਹਾਜ਼ਰ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਮਾਜਕ ਮਸਲਿਆਂ ਦੇ ਹੱਲ ਵਿਚ ਗੈਰ ਸਰਕਾਰੀ ਸਮਾਜਿਕ ਸੰਸਥਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਾਤਾਵਰਣ ਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ ਮੋਹਾਲੀ ਵਿੱਚੋਂ ਪਲਾਸਟਿਕ ਨੂੰ ਖਤਮ ਕਰਨ ਲਈ ਇੱਕ ਮੰਚ 'ਤੇ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ।