Chandigarh News: ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਧਾਰਮਿਕ ਮੁੱਦਿਆਂ ’ਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖਾਂ ਵਿੱਚ ਰੋਹ ਲਗਾਤਾਰ ਭਖ਼ਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸੋਮਵਾਰ ਨੂੰ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।


ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਵੀ ਸਿੱਖ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਸੰਸਥਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਲਾਕੇ ਦੇ ਦੋਧੀਆਂ ਵੱਲੋਂ ਰੋਜ਼ਾਨਾ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ ਸੰਗਤ ਲਈ ਦੁੱਧ ਦੀ ਸੇਵਾ ਕੀਤੀ ਜਾਵੇਗੀ।


ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹਾਕਮ ਧਿਰਾਂ ਸਿੱਖਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ। ਉਨ੍ਹਾਂ ਐਲਾਨ ਕੀਤਾ ਕਿ ਧਰਨੇ ਵਿੱਚ ਰੋਜ਼ਾਨਾ ਪੰਥ ਦਰਦੀਆਂ ਦੀ ਆਮਦ ਵਧਦੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਨੂੰ ਸਿੱਖਾਂ ਦੇ ਰੋਹ ਅੱਗੇ ਗੋਡੇ ਟੇਕਣ ਲਈ ਮਜਬੂਰ ਹੋਣਾ ਪਵੇਗਾ।


ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖਾਂ ਨਾਲ ਬੇਇਨਸਾਫੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਕੇ ਮੋਰਚੇ ਵਿੱਚ ਸੰਗਤ ਦਾ ਇਕੱਠ ਵਧ ਰਿਹਾ ਹੈ ਤੇ ਹੁਣ ਪਿੰਡਾਂ ਦੀ ਸੰਗਤ ਦੇ ਨਾਲ-ਨਾਲ ਚੰਡੀਗੜ੍ਹ ਤੇ ਮੁਹਾਲੀ ਦੀ ਸੰਗਤ ਵਹੀਰਾਂ ਘੱਤ ਕੇ ਆਉਣ ਲੱਗੀ ਹੈ। ਨਿਹੰਗ ਸਿੰਘ ਜਥੇਬੰਦੀ 96 ਕਰੋੜੀ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ 16 ਜਨਵਰੀ ਨੂੰ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।