Chandigarh News: ਸਿੱਖ ਜਥੇਬੰਦੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਪਹੁੰਚੀਆਂ, ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਪਾਏ ਚਾਲੇ
ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸਿੱਖ ਕਾਰਕੁਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
Chandigarh News: ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ ਹੋ ਗਈ।
ਦੱਸ ਦਈਏ ਕਿ ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸਿੱਖ ਕਾਰਕੁਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਵੀ ਰੋਹ ਵਿੱਚ ਆ ਗਏ ਤੇ ਪੁਲਿਸ ਨਾਲ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਪੁਲਿਸ ਦੀ ਕੋਈ ਪੇਸ਼ ਨਹੀਂ ਚੱਲੀ ਤੇ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ।
ਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ।
(ਬੀਕੇਯੂ) ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।