Chandigarh News: ਆਮ ਆਦਮੀ ਪਾਰਟੀ ਨੇ 12710 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ ਹੈ।


ਵੀਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਈ ਵੱਡੇ ਚੋਣ ਵਾਅਦੇ ਪੂਰੇ ਕੀਤੇ ਹਨ। ਅੱਜ ਪੰਜਾਬ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।  ਪੰਜਾਬ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਚੰਗੇ ਸਕੂਲ ਬਣਾਏ ਜਾ ਰਹੇ ਹਨ।






ਦੂਜੇ ਪਾਸੇ ਮਾਨ ਸਰਕਾਰ ਵਿੱਚ 30 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਹੁਣ ਕੱਚੇ ਅਧਿਆਪਕਾਂ ਨਾਲ ਆਪਣਾ ਵਾਅਦਾ ਪੂਰਾ ਕਰਦਿਆਂ ਸਰਕਾਰ 12710 ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ।


 ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਲਈ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ।  ਹੁਣ ਉਨ੍ਹਾਂ ਨੂੰ ਘੱਟੋ-ਘੱਟ 15000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ ਅਤੇ ਇਹ ਹਰ ਸਾਲ 5 ਫ਼ੀਸਦੀ ਵਧੇਗੀ। ਪਹਿਲਾਂ ਉਨ੍ਹਾਂ ਨੂੰ 3500 ਤੋਂ 9000 ਤੱਕ ਹੀ ਤਨਖ਼ਾਹ ਮਿਲਦੀ ਸੀ, ਜੋ ਬਹੁਤ ਘੱਟ ਸੀ।


 ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਕਾਨੂੰਨੀ ਮਸਲਿਆਂ ਦਾ ਧਿਆਨ ਰੱਖਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਮੰਤਰੀ ਮੰਡਲ ਦੀ ਮੀਟਿੰਗ ਵਿੱਚ ਉੱਘੇ ਵਕੀਲਾਂ ਤੋਂ ਰਾਏ ਲਈ ਗਈ ਅਤੇ ਇਸ ਸਬੰਧੀ ਸੋਧਾਂ ਵੀ ਕੀਤੀਆਂ ਗਈਆਂ ਤਾਂ ਜੋ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਰਾਹ ਆਸਾਨ ਹੋ ਸਕੇ।


 ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਕੱਚੇ ਮੁਲਾਜ਼ਮਾਂ ਸਬੰਧੀ ਸਿਰਫ਼ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਲਈ ਕੋਈ ਠੋਸ ਫ਼ੈਸਲਾ ਨਹੀਂ ਲਿਆ। ਉਨ੍ਹਾਂ ਨੇ ਕੱਚੇ ਮੁਲਾਜ਼ਮ ਨੂੰ ਹੀ ਗੁੰਮਰਾਹ ਕੀਤਾ।  ਦੂਜੇ ਪਾਸੇ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗੰਭੀਰ ਹਨ ਅਤੇ ਲਗਾਤਾਰ ਉਨ੍ਹਾਂ ਦੇ ਹੱਕ ਵਿੱਚ ਫ਼ੈਸਲੇ ਲੈ ਰਹੇ ਹਨ।