ਪੰਜਾਬ ਸਰਕਾਰ ਦਾ ਦਾਅਵਾ, ਕਿਸਾਨਾਂ ਦੇ Bank Accounts 'ਚ ਇੱਕੋ ਹੀ ਦਿਨ ਕੀਤੇ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ
ਪੰਜਾਬ ਸਰਕਾਰ (Punjab Government) ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਹੀ ਦਿਨ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ ਕੀਤੇ ਗਏ ਹਨ। ਇਹ ਰਕਮ ਝੋਨੇ ਦੀ ਖਰੀਦ ਮਗਰੋਂ ਫਸਲ ਦੀ ਅਦਾਇਗੀ ਵਜੋਂ ਪਾਈ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਹੀ ਦਿਨ 5000 ਕਰੋੜ ਰੁਪਏ ਤੋਂ ਵੱਧ ਟਰਾਂਸਫਰ ਕੀਤੇ ਗਏ ਹਨ। ਇਹ ਰਕਮ ਝੋਨੇ ਦੀ ਖਰੀਦ ਮਗਰੋਂ ਫਸਲ ਦੀ ਅਦਾਇਗੀ ਵਜੋਂ ਪਾਈ ਗਈ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਨਿਰਵਿਘਨ ਖ਼ਰੀਦ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ।
ਇਸ ਬਾਰੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਪਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ ਐਮਐਸਪੀ ਅਦਾਇਗੀ ਸਿੱਧੇ ਤੌਰ ‘ਤੇ ਜਾਰੀ ਕਰ ਦਿੱਤੀ ਗਈ ਹੈ, ਜਦਕਿ 1500 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਜੋ ਕਿ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਤੱਕ ਇਸ ਸੀਜ਼ਨ ਦੇ 144 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ ਕੁੱਲ 25424.86 ਕਰੋੜ ਰੁਪਏ ਦੀਆਂ ਐਮਐਸਪੀ ਅਦਾਇਗੀਆਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਪਗ 6.5 ਲੱਖ ਕਿਸਾਨ ਐਮਐਸਪੀ ਦਾ ਲਾਭ ਉਠਾ ਚੁੱਕੇ ਹਨ। ਉਨਾਂ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਖ਼ੂਨ-ਪਸੀਨੇ ਨਾਲ ਪੈਦਾ ਕੀਤੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਨਵੰਬਰ ਲਈ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦੇ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਕਰਨਾ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਝਾ ਖੇਤਰ ਵਿੱਚ ਲਗਭਗ ਸਾਰੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਚੁੱਕੀ ਹੈ ਅਤੇ ਹੁਣ ਸਭ ਤੋਂ ਵੱਧ ਝੋਨੇ ਦੀ ਆਮਦ ਮਾਲਵਾ ਖੇਤਰ ਵਿੱਚ ਹੋ ਰਹੀ ਹੈ। ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।