ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ
Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਸਾਬਕਾ ਫੌਜੀ ਹਨ। ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਇਨ੍ਹਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਡਰ ਦੇ ਕਾਰਨ, ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ 'ਤੇ ਦੋ ਚੈੱਕ ਦਸਤਖ਼ਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਪ੍ਰਾਪਤ ਹੋਣ 'ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ। ਉਕਤ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਸ਼ਿਕਾਇਤਕਰਤਾ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਕੱਢ ਲਏ ਅਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ।
ਇਸ ਉਪਰੰਤ ਸ਼ਿਕਾਇਤਕਰਤਾ ਨੂੰ ਵਟਸਐਪ 'ਤੇ ਧਮਕੀ ਭਰੀਆਂ ਕਾਲਾਂ ਆਉਣ ਲੱਗੀਆਂ ਕਿ ਜੇਕਰ ਉਹ 25 ਲੱਖ ਰੁਪਏ ਨਕਦ ਦੇਣ ਵਿੱਚ ਅਸਫ਼ਲ ਰਿਹਾ ਤਾਂ ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਮਿਤੀ 28.8.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਐਫ.ਆਈ.ਆਰ. ਨੰ. 20 ਦਰਜ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਹੁਣ ਦੋਵੇਂ 31 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਹਨ। ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ ਹੁਸ਼ਿਆਰਪੁਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਪਰਮਿੰਦਰ ਸਿੰਘ ਉਨ੍ਹਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਹੈ ਜੋ 12 ਅਗਸਤ ਨੂੰ ਸ਼ਿਕਾਇਤਕਰਤਾ ਦੇ ਘਰ ਗਏ ਸਨ।
ਇਹ ਵੀ ਪੜ੍ਹੋ: CM ਭਗਵੰਤ ਮਾਨ ਨੂੰ ਅੱਧ ਵਿਚਾਲੇ ਰੋਕਣਾ ਪਿਆ ਭਾਸ਼ਣ, ਅਚਾਨਕ ਸਟੇਜ 'ਤੇ ਪਹੁੰਚੀ ਮਹਿਲਾ, ਦੇਖੋ ਫਿਰ ਕੀ ਹੋਇਆ