Chandigarh Protest: ਚੰਡੀਗੜ੍ਹ ਵਿੱਚ ਬੇਰੁਜ਼ਗਾਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਕਾਰੀਆਂ ਇਸ ਮੌਕੇ ਲਾੜੇ ਬਣੇ ਨਜ਼ਰ ਆਏ ਤੇ ਉਨ੍ਹਾਂ ਨੇ ਬਾਰਾਤ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਨੌਕਰੀ ਨਾ ਹੋਣ ਕਰਕੇ ਉਨ੍ਹਾਂ ਦਾ ਵਿਆਹ ਨਹੀਂ ਹੋ ਰਿਹਾ ਹੈ।


ਨੌਕਰੀਆਂ ਨਹੀਂ ਮਿਲ ਰਹੀਆਂ ਤਾਂ ਵਿਆਹ ਵੀ ਨਹੀਂ ਹੋ ਰਿਹੈ


ਜ਼ਿਕਰ ਕਰ ਦਈਏ ਕਿ ਇਹ ਪ੍ਰਦਰਸ਼ਨ ਯੂਥ ਕਾਂਗਰਸ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ ਪਰ ਦੇਸ਼ ਦੇ ਨੌਜਵਾਨ ਇਸ ਨੂੰ ਪਿਛਲੇ ਸੱਤ ਸਾਲਾਂ ਤੋਂ ਬੇਰੁਜ਼ਗਾਰੀ ਦਿਵਸ ਵਜੋਂ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਨੌਕਰੀ ਨਹੀਂ ਹੈ ਜਿਸ ਦੇ ਕਾਰਨ ਉਨ੍ਹਾਂ ਦਾ ਵਿਆਹ ਵੀ ਨਹੀਂ ਹੋ ਰਿਹਾ। ਇਸ ਲਈ ਉਹ ਸਿਹਰਾ ਬੰਨ੍ਹ ਕੇ ਗਲੀਆਂ ਵਿੱਚ ਘੁੰਮ ਰਹੇ ਹਨ ਤਾਂ ਕਿ ਕੋਈ ਬੇਰੁਜ਼ਗਾਰਾਂ ਨੂੰ ਕੁੜੀ ਦੇਣ ਲਈ ਤਿਆਰ ਹੋ ਸਕੇ।


ਜਨਮ ਦਿਨ ਮੌਕੇ ਪੀਐਮ ਮੋਦੀ ਦੇਣ ਤੋਹਫ਼ਾ


ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਨੌਕਰੀਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲੀਆ ਜਿਸ ਕਰਕੇ ਉਨ੍ਹਾਂ ਦੇ ਵਿਆਹ ਵੀ ਨਹੀਂ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੋਦੀ ਆਪਣੇ ਜਨਮ ਦਿਨ ਵਾਲੇ ਦਿਨ ਨੌਕਰੀ ਦਾ ਤੋਹਫਾ ਦੇ ਦੇਣ ਤਾਂ ਜੋ ਉਨ੍ਹਾਂ ਦਾ ਵੀ ਘਰ ਵਸ ਸਕੇ।


ਇਸ ਮੌਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਮੋਦੀ ਸਰਕਾਰ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਉਹ ਨੌਕਰੀਆਂ ਦੇਣ ਦੀ ਥਾਂ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਜਨਮ ਦਿਨ ਨਹੀਂ ਸਗੋਂ ਫੇਕੂ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਪਿਛਲੇ 7 ਸਾਲਾਂ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਬੇਰੁਜ਼ਗਾਰੀ ਦਿਵਸ ਵਜੋਂ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਨਹੀਂ ਦੇ ਰਹੀ ਇਸ ਕਾਰਨ ਉਨ੍ਹਾਂ ਦੇ ਵਿਆਹ ਨਹੀਂ ਹੋ ਰਹੇ ਹਨ।