Sangrur News: ਸਰਕਾਰ ਬਦਲਣ ਮਗਰੋਂ ਪਟਿਆਲਾ ਦੀ ਥਾਂ ਸੰਗਰੂਰ ਸੰਘਰਸ਼ ਦਾ ਅਖਾੜਾ ਬਣ ਗਿਆ ਹੈ। ਕੈਪਟਨ ਸਰਕਾਰ ਵੇਲੇ ਪਟਿਆਲਾ ਵਿੱਚ ਧਰਨੇ-ਮੁਜ਼ਾਹਰੇ ਹੁੰਦੇ ਸੀ ਤੇ ਹੁਣ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਸੰਗਰੂਰ ਵਿੱਚ ਆਏ ਦਿਨ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਹੁੰਦੀ ਰਹਿੰਦੀ ਹੈ। ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਖਿੱਚ-ਧੂਹ ਤੇ ਧੱਕਾ-ਮੁੱਕੀ ਹੋਈ।
ਦਰਅਸਲ ਪੰਜਾਬ ਭਰ ਤੋਂ ਪੁੱਜੇ ਕੰਪਿਊਟਰ ਅਧਿਆਪਕ ਜਬਰੀ ਪੁਲਿਸ ਨਾਕਾਬੰਦੀ ਤੋੜ ਕੇ ਅੱਗੇ ਵਧ ਰਹੇ ਸਨ ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਪੁਲਿਸ ਵੱਲੋਂ ਰੋਕੇ ਜਾਣ ’ਤੇ ਅਧਿਆਪਕਾਂ ਵੱਲੋਂ ਸੜਕ ਉੱਪਰ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕੰਪਿਊਟਰ ਅਧਿਆਪਕ ਇੱਥੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਓਵਰਬ੍ਰਿਜ ਕੋਲ ਇਕੱਠੇ ਹੋਏ। ਇੱਥੇ ਰੋਸ ਰੈਲੀ ਕਰਨ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਪੁਲਿਸ ਵੱਲੋਂ ਸਖ਼ਤ ਬੈਰੀਕੇਡ ਤੇ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਅਧਿਆਪਕਾਂ ਵੱਲੋਂ ਬੈਰੀਕੇਡ ਉਖਾੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਖਿੱਚ-ਧੂਹ ਹੋਈ ਤੇ ਪੁਲਿਸ ਵੱਲੋਂ ਅੱਗੇ ਵਧੇ ਅਧਿਆਪਕਾਂ ਨੂੰ ਹਲਕੇ ਲਾਠੀਚਾਰਜ ਨਾਲ ਵਾਪਸ ਮੋੜਿਆ।
ਇਸ ਮਗਰੋਂ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਮਿਲ ਚੁੱਕਿਆ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਜਾਣਬੁੱਝ ਕੇ ਛੇਵੇਂ ਤਨਖ਼ਾਹ ਕਮਿਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰੰਤੂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਆਸ਼ਰਿਤਾਂ ਨੂੰ ਕੋਈ ਵਿੱਤੀ ਸਹਾਇਤਾ ਜਾਂ ਮੌਤ ਉਪਰੰਤ ਨੌਕਰੀ ਨਹੀਂ ਦਿੱਤੀ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ 5 ਸਤੰਬਰ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕ ਸਖ਼ਤ ਐਕਸ਼ਨ ਕਰ ਕੇ ਆਪਣਾ ਰੋਸ ਦਰਜ ਕਰਾਉਣਗੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਨੂੰ 28 ਅਗਸਤ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਧਰਨਾ ਸਮਾਪਤ ਕੀਤਾ।