Patiala News: ਪਟਿਆਲਾ ਜ਼ਿਲ੍ਹੇ ਦੇ ਪਿੰਡ ਲਗੜੋਈ ਵਿੱਚ ਇੱਕ ਮਹਿਲਾ ਵੱਲੋਂ ਚਿੱਟਾ (ਹੈਰੋਇਨ) ਵੇਚਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਅਗਾਂਹਵਧੂ ਵਿਚਾਰਧਾਰਾ ਵਾਲੇ ਕਈ ਨੌਜਵਾਨ ਤੇ ਆਮ ਲੋਕ ਨਸ਼ਾ ਤਸਕਰੀ ਨੂੰ ਠੱਲ੍ਹ ਪਾਓਣ ਲਈ ਅੱਗੇ ਆਏ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਪਟਿਆਲਾ ਸਥਿਤ ਦਫ਼ਤਰ ਪੁੱਜ ਕੇ ਨਸ਼ਾ ਤਸਕਰੀ ਦੀ ਰੋਕਥਾਮ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ। ਇਨ੍ਹਾਂ ’ਚ ਸੂਲਰ, ਲਗੜੋਈ, ਮੈਣ ਤੇ ਸ਼ੇਰਮਾਜਰਾ ਦੇ ਲੋਕ ਸ਼ਾਮਲ ਰਹੇ।
ਇਨ੍ਹਾਂ ਦੀ ਗੱਲ ਸੁਣਨ ’ਤੇ ਨਸ਼ਿਆਂ ਦੀ ਤਸਕਰੀ ਤੇ ਪ੍ਰਕੋਪ ਉਪਰ ਸਖ਼ਤੀ ਨਾਲ ਰੋਕ ਲਾਉਣ ਦਾ ਭਰੋਸਾ ਦਿਵਾਉਂਦਿਆਂ, ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਗੜੋਈ ਤੇ ਸ਼ੇਰਮਾਜਰਾ ’ਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ, ਉੱਥੇ ਹੀ ਪੁਲਿਸ ਨਾਲ ਰਾਬਤਾ ਸਾਧ ਕੇ ਪੱਕੇ ਪੁਲਿਸ ਨਾਕਿਆਂ ਸਮੇਤ ਸੀਸੀਟੀਵੀ ਕੈਮਰੇ ਵਾਲੀਆਂ ਪੁਲਿਸ ਵੈਨਾਂ ਦੀ ਗਸ਼ਤ ਯਕੀਨੀ ਬਣਾਉਣ ਦੀ ਗੱਲ ਵੀ ਆਖੀ।
ਉਨ੍ਹਾਂ ਕਿਹਾ ਕਿ ਨੌਜਵਾਨਾ ਨਸ਼ਾ ਮੁਕਤੀ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਾ ਮੁਕਤੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਮੇਤ ਨਸ਼ਾ ਤਸਕਰੀ ’ਤੇ ਕਾਬੂ ਪਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਦੋਵਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਵੀ ਕੀਤੇ ਗਏ ਹਨ।
ਉਨ੍ਹਾਂ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ ‘ਸਹਿਯੋਗੀ ਹੈਲਪਲਾਈਨ 0175-2213385’ ਨੰਬਰ ਸਬੰਧੀ ਵੀ ਜਾਣੂ ਕਰਵਾਇਆ ਜਿੱਥੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੇ ਮਾਨਸਿਕ ਸਿਹਤ ਬਾਰੇ ਸੁਝਾਅ ਲਏ ਜਾ ਸਕਦੇ ਹਨ। ਮੀਟਿੰਗ ’ਚ ਮੌਜੂਦ ਰਹੇ ਐਸਪੀ ਹੈੱਡਕੁਆਟਰ ਹਰਵੰਤ ਕੌਰ ਦਾ ਕਹਿਣਾ ਸੀ ਕਿ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਤਿੰਨ ਸੀਏਐਸਓ ਆਪਰੇਸ਼ਨ ਚਲਾਉਣ ਸਮੇਤ ਛਾਪੇ ਮਾਰੇ ਜਾ ਰਹੇ ਹਨ ਤੇ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ।
ਪੰਜ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ਼ੋਸਲ ਮੀਡੀਆ ’ਤੇ ਲਗੜੋਈ ਪਿੰਡ ਦੀ ਇਕ ਮਹਿਲਾ ਵੱਲੋਂ ਚਿੱਟਾ ਵੇਚਣ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਮਗਰੋਂ ਇਸ ਕਦਰ ਲੋਕ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਸਾਹਮਣੇ ਆਉਣ ਲੱਗੇ ਹਨ।