Amritsar News: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਪੰਹੁਚੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ ਹੈ। 


ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ....
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਸਮੁੱਚੀ ਮਾਨਵਤਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਦਾਤ ਨਾਲ ਨਿਵਾਜ਼ਣ ਵਾਲੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਆਪਣੀ ਮਿਹਰ ਨਾਲ ਸਾਨੂੰ ਪਾਵਨ ਗੁਰਬਾਣੀ ਨਾਲ ਜੁੜਨ ਦਾ ਬਲ ਬਖਸ਼ਣ । 


ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ, ਅਕਾਲ ਤਖ਼ਤ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। ਸ੍ਰੀ ਦਰਬਾਰ ਸਾਹਿਬ ਨੂੰ 10 ਕਿਸਮਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਅੱਜ ਇੱਥੇ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਰਾਗੀ-ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ। 


ਇਸ ਦੌਰਾਨ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ, ਪੁਲ, ਅਕਾਲ ਤਖਤ ਤੇ ਹੋਰ ਥਾਵਾਂ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ ਵਾਸਤੇ ਲਗਪਗ ਤਿੰਨ ਟਰੱਕ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ ਦੇਸੀ ਅਤੇ ਵਿਦੇਸ਼ੀ ਫੁੱਲ ਸ਼ਾਮਲ ਹਨ। ਇਹ ਫੁੱਲ ਦਿੱਲੀ, ਕੋਲਕੱਤਾ ਤੇ ਹੋਰ ਥਾਵਾਂ ਤੋਂ ਮੰਗਵਾਏ ਗਏ ਹਨ। ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਮੁੰਬਈ ਦੀ ਸੰਗਤ ਵੱਲੋਂ ਕੀਤੀ ਗਈ ਹੈ। ਕੁਝ ਫੁੱਲ ਥਾਈਲੈਂਡ ਤੇ ਸਿੰਗਾਪੁਰ ਤੋਂ ਵੀ ਮੰਗਵਾਏ ਗਏ ਹਨ। ਇਸ ਮੌਕੇ ਰੇਲਵੇ ਸਟੇਸ਼ਨ ਅਤੇ ਹਵਾਈ ਅੱਡੇ ’ਤੇ ਵੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।