Action Against Lakhbir Singh Landa : ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਗੂ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਗੈਰਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਲਿਆ ਗਿਆ ਹੈ। ਲੰਡਾ ਮੂਲ ਰੂਪ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਰਹਿੰਦਾ ਹੈ। ਉਹ ਖਾਲਿਸਤਾਨ ਪੱਖੀ ਗਤੀਵਿਧੀਆਂ 'ਚ ਸ਼ਾਮਲ ਰਿਹਾ ਹੈ, ਜਿਸ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ NIA 'ਚ ਉਸ ਖਿਲਾਫ ਜਾਂਚ ਸ਼ੁਰੂ ਕੀਤੀ ਗਈ ਸੀ।


ਗ੍ਰਹਿ ਮੰਤਰਾਲੇ ਨੇ ਇਸ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਲੰਡਾ ਪਾਕਿਸਤਾਨ ਤੋਂ ਭਾਰਤ ਨੂੰ ਹਥਿਆਰਾਂ ਅਤੇ ਆਈਈਡੀ ਯੰਤਰਾਂ ਦੀ ਤਸਕਰੀ ਦਾ ਮੁੱਖ ਸੂਤਰਧਾਰ ਹੈ। NIA ਪਹਿਲਾਂ ਵੀ ਉਸ ਖਿਲਾਫ ਕਈ ਮਾਮਲੇ ਦਰਜ ਕਰ ਚੁੱਕੀ ਹੈ।


ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਦਾ ਮਾਸਟਰਮਾਈਂਡ


ਲੰਡਾ 9 ਮਈ, 2022 ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਵੀ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਇਸ ਮਾਮਲੇ ਵਿੱਚ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਉਸ ਦੇ ਕੈਨੇਡਾ ਵਿਚ ਲੁਕੇ ਹੋਣ ਕਾਰਨ ਉਸ ਦੀ ਗ੍ਰਿਫਤਾਰੀ ਵਿਚ ਸਫਲਤਾ ਨਹੀਂ ਮਿਲੀ।


ਲੰਡਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ ਨਾਲ ਵੀ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਅਨੁਸਾਰ, ਲੰਡਾ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਵੱਖ-ਵੱਖ ਮਾਡਿਊਲਾਂ ਨੂੰ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਹਥਿਆਰ, ਵਿਸਫੋਟਕ ਸਪਲਾਈ ਕਰਦਾ ਹੈ।


ਪੰਜਾਬ ਦੇ ਨਾਲ-ਨਾਲ ਇਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਅੱਤਵਾਦੀ ਮਾਡਿਊਲ ਸਥਾਪਤ ਕਰਦਾ ਹੈ। ਇਸ ਵਿੱਚ ਫਿਰੌਤੀ, ਕਤਲ, ਧਮਾਕੇ, ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵੀ ਸ਼ਾਮਲ ਹੈ। 2021 'ਚ ਲੰਡਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। NIA ਨੇ ਉਸ 'ਤੇ ਇਨਾਮ ਦਾ ਐਲਾਨ ਵੀ ਕੀਤਾ ਹੈ।


ਇਨਾਮੀ ਰਾਸ਼ੀ 10 ਲੱਖ ਰੁਪਏ


ਸਤੰਬਰ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਪੰਜ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਵੀ ਸ਼ਾਮਲ ਸਨ। ਏਜੰਸੀ ਨੇ ਲੰਡਾ ਅਤੇ ਰਿੰਦਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਕੈੜਾ ਉਰਫ਼ ਪੱਟੂ, ਸਤਨਾਮ ਸਿੰਘ ਉਰਫ਼ ਸਤਬੀਰ ਸਿੰਘ ਅਤੇ ਯਾਦਵਿੰਦਰ ਸਿੰਘ ਉਰਫ਼ 'ਤੇ 5-5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ। ਇਹ ਸਾਰੇ ਲੰਡਾ ਦੇ ਸਾਥੀ ਹਨ।