Jalandhar News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਮੁਹੱਲਾ ਕਲੀਨਿਕ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਮਾਡਲ ਦੀ ਗਿਣਤੀ ਵਧਾਉਣ ਲਈ ਹਜ਼ਾਰਾਂ ਪੇਂਡੂ ਡਿਸਪੈਂਸਰੀਆਂ ਦਾ ਨੁਕਸਾਨ ਕਰ ਰਹੀ ਹੈ। 


ਪਰਗਟ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਆਪਣੇ ਫਲਾਪ ਮੁਹੱਲਾ ਕਲੀਨਿਕ ਮਾਡਲ ਦੀ ਗਿਣਤੀ ਵਧਾਉਣ ਬਦਲੇ, ਹਜ਼ਾਰਾਂ ਪੇਂਡੂ ਡਿਸਪੈਂਸਰੀਆਂ ਦਾ ਨੁਕਸਾਨ ਕਰ ਰਹੀ ਹੈ। ਡਿਸਪੈਂਸਰੀਆਂ ਜਿੱਥੇ ਰੋਜ਼ਾਨਾ ਸੈਂਕੜੇ ਲੋਕ ਆਮ ਬੁਖਾਰ ਦੀਆਂ ਦਵਾਈਆਂ ਤੋਂ ਵਾਂਝੇ ਹਨ, ਉਨ੍ਹਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਦੀ ਜਗ੍ਹਾ ਭਗਵੰਤ ਮਾਨ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਬਰਬਾਦ ਕਰ ਰਹੀ ਹੈ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਫਿਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੂਬੇ ਵਿੱਚ ਨਵੇਂ 125 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿੱਚ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਸਮਰਪਿਤ ਕਰ ਸਕਦੇ ਹਨ।


ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਨ੍ਹਾਂ 125 ਆਮ ਆਦਮੀ ਕਲੀਨਿਕਾਂ ਵਿੱਚੋਂ 112 ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਡਾਕਟਰ ਤੋਂ ਲੈ ਕੇ ਹੋਰ ਸਟਾਫ਼ ਵੀ ਤਾਇਨਾਤ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ’ਚ ਡਾਕਟਰ, ਫਾਰਮਾਸਿਸਟ ਤੇ ਲੈਬ ਅਸਿਸਟੈਂਟ ਸ਼ਾਮਲ ਹਨ। ਇਹ ਕਲੀਨਿਕ ਜਿਵੇਂ ਹੀ ਸ਼ੁਰੂ ਹੋਣਗੇ ਤਾਂ ਸਟਾਫ਼ ਆਪਣੀ ਡਿਊਟੀ ਸੰਭਾਲ ਲਵੇਗਾ। ਇਸ ਤੋਂ ਪਹਿਲਾਂ ਸੂਬੇ ’ਚ 644 ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ ਜਿਨ੍ਹਾਂ ਦਾ ਲੋਕਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ। 


ਦੂਜੇ ਪਾਸੇ ਸਿਹਤ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਮੁਹੱਲਾ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਤੇ ਵਿੱਤੀ ਸ਼ੋਸ਼ਣ ਬੰਦ ਹੋ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।