Jalandhar News: ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ 'ਚ ਡਟੇ ਸੰਤ ਸੀਚੇਵਾਲ, ਭਾਰਤ ਸਰਕਾਰ ਨੂੰ ਲਿਖੀ ਚਿੱਠੀ
ਜਾਣਕਾਰੀ ਮੁਤਾਬਕ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵੱਲੋਂ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ।
Jalandhar News: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਵਿੱਚ ਫਸੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਉਨ੍ਹਾਂ ਨੇ ਇਸ ਸਬੰਧੀ ਭਾਰਤ ਸਰਕਾਰ ਦਾ ਦਖਲ ਮੰਗਿਆ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਜਿੱਥੇ 700 ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਗੁਹਾਰ ਲਾਈ ਹੈ, ਉੱਥੇ ਹੀ ਜ਼ਿੰਮੇਵਾਰ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵੱਲੋਂ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿੱਚ ਕਿਹਾ ਕਿ ਇਨ੍ਹਾਂ 700 ਪੰਜਾਬੀ ਵਿਦਿਆਰਥੀਆਂ ਨੇ ਲੱਖਾਂ ਰੁਪਏ ਫੀਸ ਦੇ ਰੂਪ ਵਿਚ ਕੈਨੇਡਾ ਸਰਕਾਰ ਨੂੰ ਦਿੱਤੇ ਹਨ ਤੇ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।
ਸੀਚੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਨਾਲ ਧੋਖਾ ਟਰੈਵਲ ਏਜੰਟਾਂ ਵੱਲੋਂ ਕੀਤਾ ਗਿਆ ਹੈ ਇਸ ਲਈ ਕਾਰਵਾਈ ਵੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਵਿਦੇਸ਼ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆਂ ਕੈਨੇਡਾ ਸਰਕਾਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਇਕ ਹੋਰ ਪੱਤਰ ਵਿਚ ਮਾਸਕਟ ਵਿਚ ਫਸੀ ਇੱਕ ਪੀੜਤ ਔਰਤ ਨੂੰ ਵਾਪਸ ਪੰਜਾਬ ਨਾ ਭੇਜਣ ਦਾ ਮਾਮਲਾ ਉਠਾਇਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਪੱਤਰ ਵਿਚ ਕਿਹਾ ਕਿ ਮਾਸਕਟ ਵਿੱਚ ਭਾਰਤੀ ਦੂਤਾਵਾਸ ਦੇ ਕਹਿਣ ’ਤੇ ਹੀ ਉਨ੍ਹਾਂ ਵੱਲੋਂ ਸਵਰਨਜੀਤ ਕੌਰ ਨਾਮ ਦੀ ਔਰਤ ਦੀ ਟਿਕਟ ਬਣਾ ਕੇ ਭੇਜੀ ਗਈ ਸੀ, ਪਰ ਭਾਰਤੀ ਦੂਤਾਵਾਸ ਦੀ ਲਾਪਰਵਾਹੀ ਕਾਰਨ ਪੀੜਤ ਪੰਜਾਬ ਨਾ ਆ ਸਕੀ ਤੇ ਟਿਕਟ ਵੀ ਅਜ਼ਾਈ ਹੀ ਗਈ। ਸੀਚੇਵਾਲ ਨੇ ਮੰਗ ਕੀਤੀ ਕਿ ਪੀੜਤਾ ਨੂੰ ਵਾਪਸ ਨਾ ਭੇਜਣ ਦੇ ਮਾਮਲੇ ਵਿਚ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਪ੍ਰਸਿੱਧ ਬਾਲੀਵੁੱਡ ਡਾਇਰੈਕਟਰ ਪ੍ਰਦੀਪ ਸਰਕਾਰ ਦਾ ਦੇਹਾਂਤ, 68 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ