Tirth Yatra scheme - ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਕੀਤੀ ਗਈ ਨਿਵੇਕਲੀ ਪਹਿਲ ਸਦਕਾ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ, ਮਹਾਂਰਾਸ਼ਟਰ ਲਈ ਜੈਕਾਰਿਆਂ ਦੀ ਗੂੰਜ ਵਿੱਚ 200 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। 


ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਣੇ, ਰਿਹਾਇਸ਼ ਅਤੇ ਜਿਸ ਵਿੱਚ ਏ.ਸੀ. ਰੇਲਗੱਡੀ  ਵੀ ਸ਼ਾਮਿਲ ਹੈ ’ਤੇ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। 


ਅਨੇਕਾਂ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਲਾਸਰ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ ਦਰਗਾਹ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। 


ਇਸ ਮੌਕੇ ਪ੍ਰ਼ਸ਼ਾਸ਼ਨਿਕ ਅਧਿਕਾਰੀਆਂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਤੇ ਸਰਧਾਲੂਆਂ ਦੀ ਸਹੂਲਤ ਲਈ ਲਗਾਏ ਗਏ ਮੈਡੀਕਲ ਵਿਖੇ ਸਿਹਤ ਜਾਂਚ ਕੀਤੀ ਗਈ । ਯਾਤਰੀਆਂ  ਨੂੰ ਮਾਰਕਫ਼ੈਡ ਵਲੋਂ ਤਿਆਰ ਕੀਤੀਆਂ ਗਈਆਂ ਸਮਾਨ ਦੀਆਂ ਵਿਸ਼ੇਸ਼ ਕਿੱਟਾਂ ਵੀ ਦਿੱਤੀਆਂ ਗਈਆਂ। 


ਅਰਜਨ ਨਗਰ, ਮਿੱਠੂ ਬਸਤੀ ਦੇ ਸਰਧਾਲੂ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਦਕਾ ਉਹ ਪਹਿਲੀ ਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰ ਸਕਣਗੇ।   


ਨਕੋਦਰ ਦੇ ਪਿੰਡ ਕਾਂਗਣਾ ਤੋਂ ਇਕ ਹੋਰ ਸ਼ਰਧਾਲੂ ਤਲਵਿੰਦਰ ਕੌਰ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦਾ ਪਰਿਵਾਰ ਧਾਰਮਿਕ ਸਥਾਨਾਂ ਦੇ ਬਿਨਾਂ ਕਿਸੇ ਖ਼ਰਚ ਤੋਂ ਦਰਸ਼ਨ ਕਰ ਸਕੇਗਾ।