Jalandhar Election: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ (Mohinder Bhagat) ਨੂੰ ਉਮੀਦਵਾਰ ਐਲਾਨਿਆ ਹੈ। ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਇਸ ਦਾ ਰਸਮੀ ਐਲਾਨ ਕੀਤਾ।
ਕੌਣ ਨੇ ਮੋਹਿੰਦਰ ਭਗਤ ?
ਮੋਹਿੰਦਰ ਭਗਤ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੇਲੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 37000 ਵੋਟਾਂ ਮਿਲੀਆਂ ਸਨ। ਉਹ 1997 ਤੋਂ 1999 ਤੱਕ ਪੰਜਾਬ ਭਾਜਪਾ ਦੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਸਨ। ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਤੋਂ 2011 ਤੱਕ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਚੇਅਰਮੈਨ ਵੀ ਸਨ। ਉਨ੍ਹਾਂ ਦਾ ਉਮੀਦਵਾਰ ਬਣਨ ਨਾਲ ਯਕੀਨੀ ਤੌਰ 'ਤੇ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ।
ਕਿਉਂ ਹੋ ਰਹੀ ਹੈ ਜ਼ਿਮਨੀ ਚੋਣ ?
ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ 'ਚ ਹਨ। ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ।
ਪਾਰਟੀ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਮੋਹਿੰਦਰ ਭਗਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੇ ਇਸ ਮੌਕੇ ਨੂੰ ਮੈਂ ਬਾਖ਼ੂਬੀ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਹਨ, ਕਿਉਂਕਿ ਲੋਕ ਸਭਾ ਚੋਣਾਂ ਦੇ ਮੁਕਾਬਲੇ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੀ ਸੋਚ ਵੱਖਰੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਜੇਕਰ ਵਿਧਾਇਕ ਵੀ ਇਸ ਦਾ ਹੋਵੇਗਾ ਤਾਂ ਲੋਕਾਂ ਦੇ ਕੰਮ ਆਸਾਨੀ ਨਾਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਲਈ ਜੇਕਰ ਕੋਈ ਕੰਮ ਕਰ ਸਕਦਾ ਹੈ ਤਾਂ ਸਿਰਫ਼ ਆਮ ਆਦਮੀ ਪਾਰਟੀ ਦਾ ਵਿਧਾਇਕ ਹੀ ਕਰ ਸਕਦਾ ਹੈ। ਜਲੰਧਰ ਪੱਛਮੀ ਦੇ ਲੋਕ ਮੈਨੂੰ ਚੰਗੀ ਤਰ੍ਹਾਂ ਜਾਣਦੇ ਹਨ, ਕਿਉਂਕਿ ਮੈਂ ਬਹੁਤ ਕੰਮ ਕੀਤਾ ਹੈ। ਇਸ ਲਈ ਮੈਨੂੰ ਭਰੋਸਾ ਹੈ ਕਿ ਅਸੀਂ ਇਹ ਚੋਣ ਭਾਰੀ ਬਹੁਮਤ ਨਾਲ ਜਿੱਤਾਂਗੇ।