Jalandhar News: ਜਲੰਧਰ ਦੇ ਲਤੀਫਪੁਰਾ ਇਲਾਕੇ ਵਿੱਚ ਲੋਕਾਂ ਦੇ ਘਰ ਉਜਾੜਣ ਖਿਲਾਫ ਬਸਪਾ ਮੈਦਾਨ ਵਿੱਚ ਨਿੱਤਰ ਆਈ ਹੈ। ਬਸਪਾ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਸਪਾ ਆਗੂਆ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ ਹੈ, ਪਰ ਸਰਕਾਰ ਨੂੰ ਇਹ ਕਾਰਵਾਈ ਕਰਨ ਤੋਂ ਪਹਿਲਾਂ ਪੀੜਤ ਪਰਿਵਾਰਾਂ ਦੀ ਸੈਟਲਮੈਂਟ ਕਰਨੀ ਚਾਹੀਦੀ ਸੀ, ਜੋ ਨਹੀਂ ਕੀਤੀ ਗਈ। 


ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਤੇ ਸੂਬਾ ਜਨਰਲ ਸਕੱਤਰ ਗੁਰਮੇਲ ਚੁੰਬਰ ਨੇ ਦੱਸਿਆ ਕਿ ਬਸਪਾ ਵੱਲੋਂ ਲਤੀਫਪੁਰਾ ਮਾਮਲੇ ਵਿੱਚ ਸੂਬਾ ਸਰਕਾਰ ਖ਼ਿਲਾਫ਼ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਸਪਾ ਹਾਈਕਮਾਨ ਦੇ ਨਿਰਦੇਸ਼ਾਂ ਤਹਿਤ ਇਹ ਪ੍ਰਦਰਸ਼ਨ ਬੂਟਾ ਮੰਡੀ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਤੀਫਪੁਰਾ ਦੇ ਮਾਮਲੇ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਵਿੱਚ ਬੇਘਰ ਕਰਨ ਦੀ ਕਾਰਵਾਈ ਅਨਿਆਂਪੂਰਨ ਹੈ। 


ਬਸਪਾ ਆਗੂ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਿਹੜੇ ਡੀਸੀਪੀ ਨੇ ਪੀੜਤ ਪਰਿਵਾਰ ਵਿਰੁੱਧ ਅਪਸ਼ਬਦ ਬੋਲੇ ਸਨ, ਉਸ ਵਿਰੁੱਧ ਕੋਈ ਕਾਰਵਾਈ ਨਾ ਕਰਨ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਸੂਬਾ ਸਰਕਾਰ ਨੂੰ ਪੀੜਤ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ। 


ਉਧਰ, ਸ਼ਨੀਵਾਰ ਦੇਰ ਸ਼ਾਮ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲਤੀਫਪੁਰਾ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਜਦੋਂ ਵੀ ‘ਆਪ’ ਦੇ ਵਿਧਾਇਕ ਤੇ ਮੰਤਰੀ ਆਉਣ ਤਾਂ ਲੋਕ ਉਨ੍ਹਾਂ ਨੂੰ ਘੇਰ ਕੇ ਲਤੀਫਪੁਰਾ ਵਿੱਚ ਕੀਤੇ ਉਜਾੜੇ ਬਾਰੇ ਸਵਾਲ ਕਰਨ।


ਇਸ ਦੌਰਾਨ ਮਾਨ ਨੇ ਪੀੜਤਾ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਲਤੀਫਪੁਰਾ ਵਿੱਚੋਂ ਉਜਾੜੇ ਲੋਕਾਂ ਦੇ ਘਰ ਉਸੇ ਥਾਵਾਂ `ਤੇ ਬਣਾਏ ਜਾਣਗੇ। ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਉਠਾਉਣਗੇ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।