Jalandhar News: ਕਿਸਾਨਾਂ ਵੱਲੋਂ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਦੇ ਐਲਾਨ ਮਗਰੋਂ ਬੀਜੇਪੀ ਅਲਰਟ ਹੋ ਗਈ ਹੈ। ਇੱਕ ਪਾਸੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਬੀਜੇਪੀ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਜੁਟ ਗਈ ਹੈ। ਪੰਜਾਬ ਦੇ ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਕਿਸਾਨ ਸਾਡੇ ਨਾਲ ਗੱਲ ਕਰਨ ਤੇ ਅਸੀਂ ਉਨ੍ਹਾਂ ਦੀ ਆਵਾਜ਼ ਉੱਪਰ ਤੱਕ ਪਹੁੰਚਾਵਾਂਗੇ।



ਬੀਜੇਪੀ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪੀਐਮ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਉਹ ਜ਼ਰੂਰ ਕਰਨ ਪਰ ਬੀਜੇਪੀ ਆਗੂਆਂ ਨੂੰ ਮਿਲਣ ਤੋਂ ਬਾਅਦ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸਾਨੂੰ ਮਿਲ ਕੇ ਮੰਗ ਪੱਤਰ ਦੇਣ।


ਸਾਬਕਾ ਮੰਤਰੀ ਕਾਲੀਆ ਦਾ ਕਹਿਣਾ ਹੈ ਕਿ ਮੰਗ ਪੱਤਰ ਮਿਲਣ ਤੋਂ ਬਾਅਦ ਅਸੀਂ ਆਪਣੀ ਕੇਂਦਰ ਸਰਕਾਰ ਨਾਲ ਰਸਮੀ ਗੱਲ ਕਰਾਂਗੇ। ਜੇਕਰ ਕਿਸਾਨ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਵਿਰੋਧ ਕਰਦੇ ਹਨ ਤਾਂ ਇਹ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ। ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੀਐਮ ਮੋਦੀ 23 ਨੂੰ ਪਟਿਆਲਾ ਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਆ ਰਹੇ ਹਨ।


ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਰਹੇ ਹਨ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਸੁਰੱਖਿਆ ਮਾਪਦੰਡਾਂ ਨੂੰ ਸਮਝਣਾ ਹੋਵੇਗਾ। ਕਾਲੀਆ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਹ 23 ਮਈ ਨੂੰ ਪਟਿਆਲਾ ਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰਨਗੇ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।