Jalandhar News: ਜਲੰਧਰ 'ਚ ਮੀਂਹ ਕਾਰਨ ਬੁਰਾ ਹਾਲ, ਡੀਸੀ ਦੇ ਹੁਕਮਾਂ 'ਤੇ ਰਾਹਤ ਕਾਰਜ ਸ਼ੁਰੂ; ਪ੍ਰਸ਼ਾਸਨਿਕ ਟੀਮਾਂ ਤੋਂ 2 ਦਿਨਾਂ 'ਚ ਮੰਗੀ ਰਿਪੋਰਟ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਕਈ ਥਾਵਾਂ ਦੇ ਖਤ਼ਰੇ ਦੇ ਹਾਲਾਤ ਬਣੇ ਹੋਏ ਹਨ। ਇਸ ਵਿਚਾਲੇ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਕਈ ਥਾਵਾਂ ਦੇ ਖਤ਼ਰੇ ਦੇ ਹਾਲਾਤ ਬਣੇ ਹੋਏ ਹਨ। ਇਸ ਵਿਚਾਲੇ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ ਕਿ ਭਾਰੀ ਬਾਰਿਸ਼ ਕਾਰਨ ਆਮ ਲੋਕਾਂ ਦੇ ਘਰਾਂ, ਫਸਲਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਤੁਰੰਤ ਨਿਰੀਖਣ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਰਿਪੋਰਟ ਪੇਸ਼ ਕਰਨ ਦੇ ਆਦੇਸ਼
ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਜਾਂਚ ਕਰਵਾਉਣ ਅਤੇ ਨੁਕਸਾਨੇ ਗਏ ਘਰਾਂ ਦੀ ਗਿਣਤੀ, ਫਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਦੇ ਵੇਰਵਿਆਂ ਸਮੇਤ ਦੋ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਪੁਨਰਵਾਸ ਦੇ ਯਤਨ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਬੰਧਤ ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਨ ਅਤੇ ਮੁਆਵਜ਼ਾ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਤੋਂ ਮੁਆਵਜ਼ੇ ਲਈ ਪ੍ਰਾਪਤ ਅਰਜ਼ੀਆਂ/ਦਾਅਵਿਆਂ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਰਵਾਈ ਤੇਜ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਨੁਕਸਾਨ ਦੀ ਜਾਂਚ ਕੀਤੀ ਜਾਏਗੀ
ਡਿਪਟੀ ਕਮਿਸ਼ਨਰ ਨੇ ਹੋਰ ਹੁਕਮਾਂ ਰਾਹੀਂ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਭਾਰੀ ਬਾਰਿਸ਼ ਕਾਰਨ ਸੜਕਾਂ, ਜਨਤਕ ਇਮਾਰਤਾਂ ਆਦਿ ਨੂੰ ਹੋਏ ਨੁਕਸਾਨ ਦੀ ਵਿਸਥਾਰਤ ਜਾਂਚ ਯਕੀਨੀ ਬਣਾਉਣ। ਡਾ. ਅਗਰਵਾਲ ਨੇ ਐਸ.ਡੀ.ਐਮ. ਨੂੰ ਦੱਸਿਆ ਕਿ ਮਾਲ ਵਿਭਾਗ ਅਤੇ ਨਗਰ ਨਿਗਮ/ਨਗਰ ਪ੍ਰੀਸ਼ਦ/ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ/ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਦੇ ਸਹਿਯੋਗ ਨਾਲ, ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹ ਵਰਗੀ ਸਥਿਤੀ ਕਾਰਨ ਸੜਕਾਂ, ਜਨਤਕ ਇਮਾਰਤਾਂ ਆਦਿ ਨੂੰ ਹੋਏ ਨੁਕਸਾਨ ਦੀ ਜਾਂਚ ਕੀਤੀ ਜਾਵੇ ਅਤੇ ਦੋ ਦਿਨਾਂ ਦੇ ਅੰਦਰ ਇੱਕ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇ।
ਇਸੇ ਤਰ੍ਹਾਂ, ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਜਲੰਧਰ ਦੇ ਅਧਿਕਾਰੀਆਂ ਨੂੰ ਵੀ ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਨ ਅਤੇ ਨੁਕਸਾਨੀਆਂ ਗਈਆਂ ਸੜਕਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।






















