Jalandhar News : ਲੋਕ ਇਸਨਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਜਲੰਧਰ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਉਹਨਾਂ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਉਹਨਾਂ ਨੇ ਇਹ ਐਲਾਨ ਕੀਤਾ ਹੈ। ਬੈਂਸ ਭਰਾਵਾਂ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ ਪਰ ਇਸ ਮੌਕੇ ਉਹਨਾਂ ਨੇ ਭਰਾ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਨਜ਼ਰ ਨਹੀਂ ਆਏ।


ਦੱਸਿਆ ਜਾਂਦਾ ਹੈ ਕਿ ਅੱਜ ਸਵੇਰ ਤੋਂ ਹੀ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਬੈਂਸ ਭਰਾ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਦੋਵੇਂ ਪਾਰਟੀ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਜਾਰੀ ਹੈ ਪਰ ਹੁਣ ਜਲੰਧਰ ਵਿਚ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸਿਰਫ਼ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਤੇ ਉਹਨਾਂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦੀ ਕੋਈ ਗੱਲ ਨਹੀਂ ਕਹੀ ਗਈ। 

 


 

ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਰਾਜਸੀ ਸਫ਼ਰ ਸ਼ੁਰੂ ਕੀਤਾ ਸੀ, ਫਿਰ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। 2012 ’ਚ ਅਕਾਲੀ ਦਲ ਵੱਲੋਂ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਬੈਂਸ ਭਰਾਵਾਂ ਨੇ ਪਾਰਟੀ ਛੱਡ ਦਿੱਤੀ ਸੀ। ਬਾਅਦ ’ਚ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਜ਼ਾਦ ਚੋਣ ਲੜੀ ਤੇ ਜਿੱਤ ਪ੍ਰਾਪਤ ਕੀਤੀ। 

 


ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕ ਇਨਸਾਫ਼ ਪਾਰਟੀ ਬਣਾਈ ਤੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਵੀ ਕੀਤਾ ਪਰ ਉਹ ਸਿਰਫ਼ ਆਪਣੀਆਂ 2 ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਉਹ ਇਕੱਲੇ ਲੜੇ ਸਨ ਪਰ ਝਾੜੂ ਦੀ ਲਹਿਰ ਅੱਗੇ ਟਿਕ ਨਹੀਂ ਸਕੇ ਤੇ ਸਾਰੀਆਂ ਸੀਟਾਂ ਹਾਰ ਗਏ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।