Punjab Blast Update:  ਪੰਜਾਬ ਦੇ ਵਿੱਚ ਗ੍ਰੇਨੇਡ ਹਮਲਿਆਂ ਦਾ ਖੌਫ ਵੱਧਦਾ ਹੀ ਜਾ ਰਿਹਾ ਹੈ। ਹੁਣ ਪੰਜਾਬ ਵਿੱਚ BJP ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗ੍ਰੇਨੇਡ ਵਰਗੀ ਸਮੱਗਰੀ ਸੁੱਟ ਕੇ ਧਮਾਕਾ ਕੀਤਾ ਗਿਆ। ਜਿਸ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ। ਜਦੋਂ ਇਹ ਖਬਰ ਸਾਹਮਣੇ ਆਈ ਤਾਂ ਸਿਆਸੀ ਗਲਿਆਰਿਆਂ ਦੇ ਵਿੱਚ ਇਸ ਹਮਲੇ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

 ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆ ਕਿਹਾ ਕਿ ਪੰਜਾਬ 'ਚ ਗ੍ਰੈਨਡ ਹਮਲੇ ਰੁਕ ਨਹੀਂ ਰਹੇ। ਪੁਲਿਸ ਸਟੇਸ਼ਨਾਂ ਤੋਂ ਬਾਅਦ ਹੁਣ ਰਾਜਨੀਤਿਕ ਆਗੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।  ਦੇਰ ਰਾਤ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਘਰ ਗ੍ਰੈਨੇਡ ਹਮਲਾ ਹੋਇਆ।

ਜ਼ਿਕਰਯੋਗ ਹੈ ਕਿ ਮਨੋਰੰਜਨ ਕਾਲੀਆ ਜੀ ਦਾ ਘਰ ਥਾਣੇ ਤੋਂ ਮਹਿਜ 100 ਮੀਟਰ ਦੀ ਦੂਰੀ 'ਤੇ ਹੈ।  ਅਜਿਹੇ ਹਮਲੇ ਪੰਜਾਬ ਦੀ ਭਾਈਚਾਰਕ ਸਾਂਝ ਤੇ ਹਮਲੇ ਹਨ ਅਤੇ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਲੈ ਜਾਣਗੇ !  ਪੰਜਾਬ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਭਗਵੰਤ ਮਾਨ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਤੌਰ 'ਤੇ ਫੇਲ੍ਹ ਸਾਬਿਤ ਹੋਏ ਹੋ ! ਤੁਰੰਤ ਅਸਤੀਫ਼ਾ ਦਿਓ ਤਾਂ ਜੋ ਪੰਜਾਬ ਦਾ ਹੋਰ ਨੁਕਸਾਨ ਨਾ ਹੋ ਜਾਏ

ਸੁਖਬੀਰ ਸਿੰਘ ਬਾਦਲ ਨੇ ਕੀ ਕਿਹਾ ?

ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਧਮਾਕੇ ਨੂੰ ਗ੍ਰੇਨੇਡ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਥਾਣਿਆਂ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਬੁੱਤਾਂ ਤੇ ਹਮਲੇ ਹੋ ਰਹੇ ਸਨ, ਹੁਣ ਤਾਂ ਹਮਲਾਵਰਾਂ ਨੇ ਭਾਜਪਾ ਆਗੂ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਅਸਫਲ ਰਹਿ ਰਹੇ ਹਨ ਜਿਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।