Jalandhar Lok Sabha Bypoll: ਜਲੰਧਰ ਲੋਕ ਸਭਾ ਉਪ ਚੋਣ 'ਚ ਹੁਣ ਸਿਰਫ਼ 4 ਦਿਨ ਬਾਕੀ ਰਹਿ ਗਏ ਹਨ, ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਸੀਟ 'ਤੇ ਆਪਣੀ ਜਿੱਤ ਦਾ ਦਾਅਵਾ ਠੋਕ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸੀਟ 'ਤੇ ਭਾਜਪਾ ਦੀ ਜਿੱਤ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ, 'ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ ਇਹ ਚੋਣ ਜਿੱਤਾਂਗੇ।'
10 ਮਈ ਨੂੰ ਵੋਟਾਂ ਪੈਣਗੀਆਂ, ਨਤੀਜੇ 13 ਮਈ ਨੂੰ ਆਉਣਗੇ
ਦੱਸ ਦਈਏ ਕਿ ਇਸ ਸੀਟ 'ਤੇ 10 ਮਈ ਨੂੰ ਚੋਣਾਂ ਹੋਣਗੀਆਂ ਅਤੇ ਨਤੀਜੇ 13 ਮਈ ਨੂੰ ਆਉਣਗੇ। ਸੰਸਦ ਮੈਂਬਰ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ (76) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਕਾਰਨ ਇਹ ਸੀਟ ਖਾਲੀ ਹੋਈ ਸੀ। ਸੰਤੋਖ ਸਿੰਘ ਚੌਧਰੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਲਈ ਗਏ ਸਨ, ਜਿਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।
ਭਾਜਪਾ ਨੇ ਇੰਦਰ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ
ਦੱਸਣਯੋਗ ਹੈ ਕਿ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਕਮਲਜੀਤ ਕੌਰ ਨੂੰ ਮੈਦਾਨ 'ਚ ਉਤਾਰਿਆ ਹੈ, ਜਦਕਿ ਭਾਜਪਾ ਨੇ ਇੰਦਰ ਅਟਵਾਲ ਅਤੇ 'ਆਪ' ਨੇ ਸੁਸ਼ੀਲ ਰਿੰਕੂ ਨੂੰ ਮੈਦਾਨ 'ਚ ਉਤਾਰਿਆ ਹੈ।
ਤੁਸੀਂ ਵਿਕਾਸ ਦੀ ਨਹੀਂ, ਵਿਨਾਸ਼ ਦੀ ਸਕ੍ਰਿਪਟ ਲਿਖ ਰਹੇ ਹੋ- ਅਨੁਰਾਗ ਠਾਕੁਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੀਆਂ ਗਲੀਆਂ ਵਿੱਚ ਜਾ ਕੇ ਕੋਈ ਵੀ ਵਿਅਕਤੀ ਸਹਿਜੇ ਹੀ ਦੇਖ ਸਕਦਾ ਹੈ ਕਿ ਪਿਛਲੇ ਇੱਕ ਸਾਲ ਵਿੱਚ ਵਿਕਾਸ ਲਈ ਇੱਕ ਵੀ ਇੱਟ ਨਹੀਂ ਰੱਖੀ ਗਈ ਹੈ। ਇਹ ਵਿਕਾਸ ਨਹੀਂ ਸਗੋਂ ਵਿਨਾਸ਼ ਹੈ ਅਤੇ ਆਮ ਆਦਮੀ ਪਾਰਟੀ ਇਸ ਦੀ ਸਕ੍ਰਿਪਟ ਲਿਖ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦਾ ਵੀ ਇਹੀ ਹਾਲ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸੇ ਸਮੇਂ ਖੇਡ ਉਦਯੋਗ, ਸਿਹਤ ਅਤੇ ਬੁਨਿਆਦੀ ਢਾਂਚੇ ਲਈ ਮਸ਼ਹੂਰ ਜਲੰਧਰ ਅੱਜ ਇਸ ਦੁਰਦਸ਼ਾ ਦਾ ਸਾਹਮਣਾ ਕਰ ਰਿਹਾ ਹੈ।