Punjab News: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨI ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ 'ਚ ਕਾਨੂੰਨ ਵਿਵਸਥਾ ਕਾਇਮ ਕਰਨ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈI ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਕੁਝ ਲੋਕ ਪੰਜਾਬ 'ਚ ਅੱਤਵਾਦ ਦੇ ਕਾਲੇ ਦੌਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਭਾਰਤੀ ਜਨਤਾ ਪਾਰਟੀ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵੇਗੀI
 






ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਪੰਜਾਬ ਵਿੱਚ ਗੈਂਗਸਟਰਾਂ, ਮਾਫੀਆ, ਵੱਖਵਾਦੀ ਜਥੇਬੰਦੀਆਂ ਦਾ ਰਾਜ ਹੈ ਅਤੇ ਭਗਵੰਤ ਮਾਨ ਸਰਕਾਰ ਇਨ੍ਹਾਂ ਸਭ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਸਰਕਾਰ ਝੂਠੇ ਬਿਆਨਾਂ ਅਤੇ ਸਿਰਫ਼ ਇਸ਼ਤਿਹਾਰਾਂ ਦੇ ਸਹਾਰੇ ਆਪਣਾ ਕੂੜ ਪ੍ਰਚਾਰ ਕਰਨ ਤੱਕ ਹੀ ਸੀਮਤ ਹੈ। ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਅਤੇ ਬੰਦੂਕ ਕਲਚਰ ਦੇ ਮਾਮਲੇ ਸਿਖਰ 'ਤੇ ਹਨ। ਖਿਡਾਰੀਆਂ ਅਤੇ ਗਾਇਕਾਂ ਨੂੰ ਗੋਲੀਆਂ ਮਾਰ ਕੇ ਮਾਰਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।


ਸ਼ੇਖਾਵਤ ਨੇ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਚੈਨ ਸਿੰਘ ਦੀ ਬਦਮਾਸ਼ਾਂ ਵੱਲੋਂ ਲੱਤ ਵੱਢਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਅਤੇ ਸਾਡੇ ਮਹਾਨ ਸ਼ਹੀਦਾਂ ਦਾ ਨਾਂ ਲੈ ਕੇ ਧੋਖੇ ਨਾਲ ਪੰਜਾਬ ਦੀ ਸੱਤਾ ਹਾਸਲ ਕੀਤੀ ਅਤੇ ਹੁਣ ਸਾਡੇ ਮਹਾਨ ਸ਼ਹੀਦਾਂ ਦਾ ਅਪਮਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪੰਜਾਬ ਵਾਸੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।


ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਕੋਲ ਦੋ ਸੀਟਾਂ ਹੋਣ ਦੇ ਬਾਵਜੂਦ ਲੋਕਾਂ ਦਾ ਰੁਝਾਨ ਭਾਜਪਾ ਵੱਲ ਵਧਿਆ ਹੈ, ਕਿਉਂਕਿ ਭਾਜਪਾ ਆਪਣੀ ਜਿੰਮੇਵਾਰੀ ਨੂੰ ਬਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਤੇ ਸਥਾਨਕ ਚੋਣਾਂ ਵਿਚ ਜ਼ੋਰਦਾਰ ਢੰਗ ਨਾਲ ਹਿੱਸਾ ਲਵੇਗੀ ਅਤੇ ਚੰਗੀ ਵੋਟ ਪ੍ਰਤੀਸ਼ਤਤਾ ਵੀ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਲੰਧਰ ਸੀਟ 'ਤੇ ਕਿਸ ਚਿਹਰੇ ਨੂੰ ਮੈਦਾਨ 'ਚ ਉਤਾਰਿਆ ਜਾਵੇਗਾ, ਇਸ ਦਾ ਫੈਸਲਾ ਸੰਸਦੀ ਬੋਰਡ ਦੀ ਮੀਟਿੰਗ 'ਚ ਕੀਤਾ ਜਾਵੇਗਾ।


ਪਾਰਟੀ ਵਿੱਚ ਕੌਣ-ਕੌਣ ਹੋਏ ਸ਼ਾਮਲ ?


ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਭਾਜਪਾ ਮੁੱਖ ਦਫ਼ਤਰ ਵਿਖੇ ਉਲੀਕੇ ਗਏ ਪ੍ਰੋਗ੍ਰਾਮ ਦੌਰਾਨ ਤਿੰਨ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਏ ਜਲੰਧਰ ਦੇ ਸਾਬਕਾ ਪੁਲਿਸ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ, ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਅਤੇ ਪੰਜਾਬ ਹਰਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸੰਤੋਖਵਿੰਦਰ ਸਿੰਘ ਨਾਭਾ ਅਤੇ ਜਲੰਧਰ ਤੋਂ ਕੌਂਸਲਰ ਡੀ ਚੋਂ ਲੜ ਚੁੱਕੇ ਸ਼ਿਵਮ, ਹਰਦੀਪ ਸਿੰਘ ਕੁੰਭੜਾ ਅਤੇ ਸੰਜੇ ਕੁਮਾਰ ਸੰਜੂ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕੀਤਾ।