MSP guarantee: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇ। ਸੰਸਦ ਮੈਂਬਰ ਤਿਵਾੜੀ ਰਾਹੋਂ ਅਤੇ ਪਿੰਡ ਜੇਠੂ ਮਾਜਰਾ ਵਿਖੇ ਆਯੋਜਿਤ ਵੱਖ-ਵੱਖ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸੰਸਦ ਮੈਂਬਰ ਨੇ ਕੇਂਦਰ ਸਰਕਾਰ ’ਤੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਾਇਆ। ਜਿਸ ਕਾਰਨ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ।
ਸੰਸਦ ਮੈਂਬਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਲੋਕ ਸਭਾ 'ਚ ਵੀ ਉਠਾਇਆ ਸੀ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਕ ਵਾਰ ਫਿਰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਏ ਅਤੇ ਐੱਮ.ਐੱਸ.ਪੀ 'ਤੇ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਪਾਰਟੀ ਐਮ.ਐਸ.ਪੀ ਨੂੰ ਕਾਨੂੰਨੀ ਗਾਰੰਟੀ ਦੇਣ ਵਾਲਾ ਕਾਨੂੰਨ ਲਿਆਵੇਗੀ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਹ ਚੋਣਾਂ ਦੇਸ਼ ਦਾ ਭਵਿੱਖ ਤੈਅ ਕਰਨਗੀਆਂ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦੌਰਾਨ ਹਰ ਜ਼ਰੂਰੀ ਵਸਤੂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਸਦੇ ਨਾਲ ਹੀ ਸਰਕਾਰ ਦਾ ਕਿਸਾਨ ਤੇ ਮਜ਼ਦੂਰ ਵਿਰੋਧੀ ਚਿਹਰਾ ਹੁਣ ਲੋਕਾਂ ਦੇ ਸਾਹਮਣੇ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਹੈ। ਦੇਸ਼ ਵਿੱਚ ਵਿਕਾਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਇਸ ਦੌਰਾਨ ਸਾਬਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਵਿਕਾਸ ਜਾਂ ਤਾਂ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਹੋਇਆ ਹੈ ਜਾਂ ਫਿਰ ਸੰਸਦ ਮੈਂਬਰ ਤਿਵਾੜੀ ਵੱਲੋਂ ਜਾਰੀ ਸੰਸਦੀ ਗਰਾਂਟ ਨਾਲ ਹੋਇਆ ਹੈ।
ਜਦੋਂ ਕਿ ਮੌਜੂਦਾ ਸੂਬਾ ਸਰਕਾਰ ਸਿਰਫ਼ ਖੋਖਲੇ ਦਾਅਵੇ ਕਰਕੇ ਲੋਕਾਂ ਨੂੰ ਧੋਖਾ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਸੰਸਦ ਮੈਂਬਰ ਤਿਵਾੜੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੋਟ ਦੇ ਕੇ ਜਿਤਾਉਣ ਦੀ ਅਪੀਲ ਕੀਤੀ।