Jalandhar News: ਪ੍ਰਭਾਵੀ ਅਤੇ ਜਵਾਬਦੇਹ ਪੁਲਿਸਿੰਗ ਵੱਲ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਨੀਵਾਰ ਨੂੰ ਉਦਯੋਗਿਕ ਖੇਤਰ ਦੀ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਨਵੇਕਲੀ ਪਹਿਲ 'ਸਹਿਯੋਗ' ਦੀ ਸ਼ੁਰੂਆਤ ਕੀਤੀ।


ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਉਦੇਸ਼ ਸਨਅਤੀ ਜ਼ੋਨ ਵਿੱਚ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਹੈ ਜਿਸ ਲਈ ਲੋੜੀਂਦੇ ਸਾਧਨਾਂ ਨਾਲ ਸਮਰਪਿਤ ਗਸ਼ਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਨੂੰ ਛੇ ਬਲਾਕਾਂ ਵਿੱਚ ਦੋ ਬੀਟਾਂ ਵਿੱਚ ਵੰਡਿਆ ਗਿਆ ਹੈ ਜਿਸ ਵਿਚ 04 ਵਾਹਨ ਨਿਯਮਤ ਤੌਰ ਤੇ ਗਸ਼ਤ ਕਰਨਗੇ ਅਤੇ ਹੋਰ ਖੇਤਰ ਨੂੰ ਕਵਰ ਲਈ ਦੋ ਵਾਧੂ ਵਾਹਨਾਂ ਨੂੰ ਤਾਇਨਾਤ ਕੀਤਾ ਜਾਵੇਗਾ।


ਸਵਪਨ ਸ਼ਰਮਾ ਨੇ ਦੱਸਿਆ ਕਿ ਹਰ ਟੀਮ ਵਿੱਚ ਚਾਰ ਸੁਰੱਖਿਆ ਗਾਰਡ ਅਤੇ ਇੱਕ ਪੁਲਿਸ ਮੁਲਾਜ਼ਮ ਫਸਟ ਏਡ ਕਿੱਟਾਂ, ਹਥਿਆਰ, ਅੱਗ ਬੁਝਾਊ ਯੰਤਰ, ਟਾਰਚ, ਫਲੈਸ਼ਰ, ਵਾਇਰਲੈੱਸ ਸੈੱਟ ਅਤੇ ਹੋਰ ਨਾਲ ਲੈਸ ਹੋਣਗੇ।


ਪੁਲਿਸ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਨੇ ਪੁਲਿਸ ਲਾਈਨਜ਼ ਜਲੰਧਰ ਵਿਖੇ ਦੋ ਦਿਨਾਂ ਦੀ ਵਿਆਪਕ ਸਿਖਲਾਈ ਮਾਡਿਊਲ ਤੋਂ ਟ੍ਰੇਨਿੰਗ ਲਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਮਾਂ ਕਿਸੇ ਵੀ ਸੁਰੱਖਿਆ ਚੁਣੌਤੀਆਂ, ਲੋੜ ਪੈਣ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।


ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਗਸ਼ਤ ਟੀਮਾਂ ਰਾਹੀਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਏਗਾ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਤੁਰੰਤ ਜਵਾਬ ਦਿੱਤਾ ਜਾਵੇਗਾ । ਸ੍ਰੀ ਸਵਪਨ ਸ਼ਰਮਾ ਨੇ ਕਲਪਨਾ ਕੀਤੀ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਅਤੇ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਵਿਚਕਾਰ ਸਹਿਯੋਗ ਉਦਯੋਗਪਤੀਆਂ ਨੂੰ ਸੁਰੱਖਿਅਤ ਭਾਵਨਾ ਦਿੰਦੇ ਹੋਏ ਭਾਈਚਾਰਕ ਭਾਈਵਾਲੀ ਨੂੰ ਉਤਸ਼ਾਹਿਤ ਕਰੇਗਾ।


ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਮੌਕੇ 'ਤੇ ਮੌਜੂਦ ਸਨਅਤਕਾਰਾਂ ਨੇ ਕਮਿਸ਼ਨਰੇਟ ਪੁਲਿਸ ਦੇ ਇਸ ਨਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ​​ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।